ਆਪ ਦੀ ਸਰਕਾਰ ਆਪ ਦੇ ਦੁਆਰ’ ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਸ਼ੇਰਗੜ੍ਹ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 29 ਫਰਵਰੀ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਕੈਂਪਾਂ ਸਬੰਧੀ ਅੱਜ ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ ਵਿਚ ਲੱਗੇ ਕੈਂਪ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਿਚ ਆਉਣ ਵਾਲੇ ਲੋਕਾਂ ਨੂੰ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਵੀ ਧਿਆਨ ਨਾਲ ਸੁਣ ਕੇ ਹੱਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਸਾਰ ਨਹੀਂ ਲਈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਦਾ ਧਿਆਨ ਰੱਖਦੇ ਹੋਏ ਹੀ ਯੋਜਨਾਵਾਂ ਤਿਆਰ ਕਰ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ 6 ਫਰਵਰੀ ਤੋਂ ਰੋਜ਼ਾਨਾ ਇਹ ਕੈਂਪ ਸ਼ੁਰੂ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਹ ਕੈਂਪ ਵੱਖ-ਵੱਖ ਥਾਵਾਂ ’ਤੇ ਰੋਜ਼ਾਨਾ ਲੱਗਣਗੇ ਅਤੇ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ।
ਇਸ ਮੌਕੇ ਸਰਪੰਚ ਗੁਰਮੀਤ ਕੌਰ, ਯਸ਼ਪਾਲ ਸੋਨੀ, ਪੰਚ ਪਰਮਜੀਤ ਕੌਰ, ਟੇਕ ਰਾਜ, ਸਰਬਜੀਤ ਕੌਰ, ਸਤਿੰਦਰ ਲਾਲ, ਸੁਦੇਸ਼ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।