Hoshairpur

ਸਿੱਖਿਆ ਦੇ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੀਕ ਬਣੀ ’ਪੰਜਾਬ ਸਿੱਖਿਆ ਕ੍ਰਾਂਤੀ’ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 19 ਅਪ੍ਰੈਲ ( ਹਰਪਾਲ ਲਾਡਾ ): ਰਾਜ ਦੀ ਸਿੱਖਿਆ ਵਿਵਸਥਾ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਉਦੇਸ਼ ਨਾਲ ਰਾਜ ਸਰਕਾਰ ਵਲੋਂ ਸ਼ੁਰੂ ਕੀਤੇ ਗਏ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ਵਿਚ 37.65 ਲੱਖ ਰੁਪੲ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ ਗਏ।

ਸਥਾਨਕ ਸਰਕਾਰਾਂ ਮੰਤਰੀ ਨੇ ਅੱਜ ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜੀਆਂ ਵਿਚ 9.36 ਲੱਖ ਦੀ ਲਾਗਤ ਨਾਲ ਕਲਾਸ ਰੂਮ ਅਤੇ ਚਾਰਦੀਵਾਰੀ, ਸਰਕਾਰੀ ਐਲੀਮੈਂਟਰੀ ਸਕੂਲ ਰਾਜੋਵਾਲ ਵਿਚ 7.51 ਲੱਖ ਰੁਪਏ ਦੀ ਲਾਗਤ ਨਾਲ ਬਣੇ ਕਲਾਸ ਰੂਮ, ਸਰਕਾਰੀ ਐਲੀਮੈਂਟਰੀ ਸਕੂਲ ਬਡੋਵਾਲ ਵਿਚ 9.18 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਰਾਮਨਗਰ ਢੇਹਾ ਵਿਚ 11.60 ਲੱਖ ਰੁਪਏ ਦੀ ਲਾਗਤ ਨਾਲ ਬਣੀ ਚਾਰਦੀਵਾਰੀ ਅਤੇ ਸਪੋਰਟਸ ਟਰੈਕ ਦਾ ਉਦਘਾਟਨ ਕੀਤਾ।

ਸਥਾਨਕ ਸਰਕਾਰਾਂ ਮੰਤਰੀ ਨੇ ਸਕੂਲਾਂ ਵਿਚ ਕਰਵਾਏ ਗਏ ਸਮਾਰੋਹਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰ ਪਹਿਲੂ ਤੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਵੱਡੇ ਪੈਮਾਨੇ ’ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸਿੱਖਿਆ ਨੂੰ ਪਹਿਲ ਦੇ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿਚ ਅਤਿਆਧੁਨਿਕ ਬੁਨਿਆਦੀ ਢਾਂਚਾ ਉਪਲਬੱਧ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਕਾਰਨ ਅੱਜ ਜਿਥੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ, ਉਥੇ ਸਰਕਾਰੀ ਸਕੂਲਾਂ ਵਿਚ ਨਿੱਜੀ ਸਕੂਲਾਂ ਦੇ ਬਰਾਬਰ ਸੁਵਿਧਾਵਾਂ ਵੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ, ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣਾ, ਬਸ ਸੇਵਾ ਸ਼ੁਰੂ ਕਰਨਾ, ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕਰਨਾ ਅਤੇ ਡਿਜੀਟਲ ਰਾਹੀਂ ਸਿੱਖਿਆ ਪ੍ਰਦਾਨ ਕਰਨ ਦੀ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਉਜਵੱਲ ਬਣਾਉਣ ਲਈ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜ ਕੀਤੇ ਜਾਣਗੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਅਤੇ ਇਥੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਸਕੂਲੀ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।

ਇਸ ਮੌਕੇ ਰਵਿੰਦਰ ਕੌਰ, ਅਮਰਜੀਤ ਵਿਰਦੀ, ਡਾ.ਜਰਨੈਲ ਸਿੰਘ, ਮਨਜੀਤ ਸਿੰਘ ਜੰਡਾ, ਪ੍ਰਿੰਸੀਪਲ ਧਰਮਿੰਦਰ ਸਿੰਘ, ਅਨੀਸ਼ ਕੁਮਾਰ, ਰਮੇਸ਼ ਬੱਗਾ, ਹਰਦੀਪ ਸਿੰਘ, ਮਨਜੀਤ ਸਿੰਘ, ਸੁਖਵੰਤ ਸਿੰਘ, ਬਹਾਦਰ ਸਿੰਘ, ਕੁਲਵੀਰ ਸਿੰਘ, ਅਮਨਜੀਤ ਸਿੰਘ, ਵਿਕਾਸ ਸ਼ਰਮਾ, ਸਰਪੰਚ ਜਸਵਿੰਦਰ ਕੌਰ, ਜਗਰੂਪ, ਮਨਿੰਦਰ ਸਿੰਘ, ਸੰਜੀਵ ਕੁਮਾਰ, ਜਗਤਾਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page