ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਰੱਖਿਆ ਜਾਵੇ : ਜੈ ਕ੍ਰਿਸ਼ਨ ਸਿੰਘ ਰੌੜੀ
ਹੁਸ਼ਿਆਰਪੁਰ, 8 ਮਾਰਚ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਿਓਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਦੇ ਜ਼ਿਲ੍ਹਾ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਰੱਖਣ ਦੀ ਅਪੀਲ ਕੀਤੀ ਹੈ।
ਡਿਪਟੀ ਸਪੀਕਰ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਦਾ ਧਿਆਨ ਸੂਬੇ ਦੇ ਬਹੁਤ ਮਹੱਤਵਪੂਰਨ ਵਿਸ਼ੇ ’ਤੇ ਕੇਂਦਰਿਤ ਕਰਦੇ ਹੋਏ ਅਪੀਲ ਕੀਤੀ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਅਗਲੇ ਕੁਝ ਦਿਨਾਂ ਵਿਚ ਉਦਘਾਟਨ ਹੋਣ ਵਾਲਾ ਹੈ। ਇਸ ਲਈ ਉਨ੍ਹਾਂ ਦਾ ਪ੍ਰਸਤਾਵ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਂਅ ਮਹਾਨ ਗੁਰੂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਰੱਖਿਆ ਜਾਵੇ, ਜਿਨ੍ਹਾਂ ਨੇ ਸਮੁੱਚੀ ਮਾਨਵਤਾ ਦੇ ਜੀਵਨ ’ਤੇ ਡੂੰਘਾ ਪ੍ਰਭਾਵ ਪਾਇਆ ਹੈ ਅਤੇ ਦੁਨੀਆ ਨੂੰ ਦਇਆ, ਸਮਾਨਤਾ ਅਤੇ ਆਪਸੀ ਭਾਈਚਾਰੇ ਦੀ ਸਿੱਖਿਆ ਦਿੱਤੀ ਹੈ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਆਪ ਦਾ ਇਹ ਉਪਰਾਲਾ ਨਾ ਕੇਵਲ ਸਮਾਜ ਵਿਚ ਗੁਰੂ ਰਵਿਦਾਸ ਜੀ ਦੇ ਅਪਾਰ ਯੋਗਦਾਨ ਨੂੰ ਮਾਨਤਾ ਦੇਵੇਗਾ ਬਲਕਿ ਉਨ੍ਹਾਂ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਅਤੇ ਕਦਰਾਂ ਕੀਮਤਾਂ ਨੂੰ ਵੀ ਯਾਦ ਕਰਵਾਏਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਫਲਸਫੇ ’ਤੇ ਅਧਾਰਿਤ ਸਮਾਜ ਦੇ ਨਿਰਮਾਣ ਲਈ ਵਚਨਬੱਧ ਹੈ।
ਇਸ ਲਈ ਪੁਰਜ਼ੋਰ ਬੇਨਤੀ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਾਂਅ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਰੱਖਿਆ ਜਾਵੇ।