ਮੰਤਰੀ ਜਿੰਪਾ ਨੇ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
ਹੁਸ਼ਿਆਰਪੁਰ, 10 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ੇਰਾਂ ਵਾਲਾ ਚੌਕ, ਕ੍ਰਿਸ਼ਨਾ ਨਗਰ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਦੇਵੀ ਜੀ, ਮਾਤਾ ਨੈਣਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਦੇਵੀ ਜੀ, ਮਾਤਾ ਨੈਣਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰ਼ਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਮ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਦਾ ਧਿਆਨ ਰੱਖਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਯੋਜਨਾ ਅਨੁਸਾਰ ਵੱਖ-ਵੱਖ ਤੀਰਥ ਸਥਾਨਾਂ ਦੇ ਦਰ਼ਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ।
ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁਖ ਧਾਰਮਿਕ ਸਥਾਨਾਂ ਦੇ ਦਰ਼ਸਨ ਕਰਨ ਤੋਂ ਵੰਚਿਤ ਲੋਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਧੀਰਜ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।