ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਲਈ ਸੂਬਾ ਵਾਸੀ ਮੁੱਖ ਮੰਤਰੀ ਦੇ ਹਨ ਧੰਨਵਾਦੀ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 11 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਮੁੱਚਾ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਹਰੇਕ ਧਾਰਮਿਕ ਸਥਾਨ ਦੀ ਯਾਤਰਾ ਕਰਵਾ ਦਿੱਤੀ ਹੈ, ਜਿਸ ਦੀ ਉਹ ਲੰਮੇਂ ਸਮੇਂ ਤੋਂ ਉਮੀਦ ਕਰ ਰਹੇ ਸਨ। ਉਹ ਅੱਜ ਸੈਸ਼ਨ ਚੌਂਕ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਸ਼ਰਧਾਲੂ ਲਗਾਤਾਰ ਸ੍ਰੀ ਖਾਟੂ ਸ਼ਿਆਮ, ਸ੍ਰੀ ਸਾਲਾਸਰ ਬਾਲਾ ਜੀ, ਤਲਵੰਡੀ ਸਾਬੋ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਹੋਰ ਕਈ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਚੁੱਕੇ ਹਨ। ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ, ਮਾਤਾ ਨੈਣਾ ਦੇਵੀ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਦੇ ਲਈ ਸਫਰ ਦੀ ਸੁਵਿਧਾ ਮੁਫ਼ਤ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਨ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਮ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਦਾ ਧਿਆਨ ਰੱਖਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਯੋਜਨਾ ਅਨੁਸਾਰ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ। ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਦੇ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਲੋਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਸ ਮੌਕੇ ਵਾਈਸ ਚੇਅਰਮੈਨ ਪੰਜਾਬ ਉਦਯੋਗਿਕ ਵਿਕਾਸ ਨਿਗਮ ਡਾ. ਹਰਮਿੰਦਰ ਬਖਸ਼ੀ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਧੀਰਜ ਸ਼ਰਮਾ, ਮਨਜੋਤ ਕੌਰ, ਅਮਰਜੀਤ ਸ਼ਰਮਾ, ਬਿੰਦੂ ਸ਼ਰਮਾ, ਮਨੀ, ਗੁਰਪ੍ਰੀਤ ਸਿੰਘ, ਆਸ਼ੂ, ਕਾਕਾ ਸਹੋਤਾ, ਵਿਪਨ ਜੈਨ, ਚੰਦਨ ਗਰੋਵਰ, ਪੰਕਜ ਨੰਦਾ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।