ਪੰਜਾਬ ਸਰਕਾਰ ਵਿਕਾਸ ਕਾਰਜਾਂ ਵੱਲ ਦੇ ਰਹੀ ਹੈ ਵਿਸ਼ੇਸ਼ ਧਿਆਨ: ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 13 ਮਾਰਚ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 4 ਦੇ ਮੁਹੱਲਾ ਗੌਤਮ ਨਗਰ ਦੀ 5 ਨੰਬਰ ਗਲੀ ਵਿਚ 21.53 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਉਨ੍ਹਾਂ ਦੀ ਜ਼ਰੂਰਤ ਦੇ ਮੁਤਾਬਿਕ ਗਲੀਆਂ ਅਤੇ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ ਅਤੇ ਪਾਰਟੀਬਾਜੀ ਤੋਂ ਉਪਰ ਉਠ ਕੇ ਇਹ ਸਾਰੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੀ ਕੋਈ ਸੜਕ ਜਾਂ ਗਲੀ ਕੱਚੀ ਨਹੀਂ ਰਹੇਗੀ ਅਤੇ ਬੁਨਿਆਦੀ ਢਾਂਚੇ ਸਬੰਧੀ ਸਾਰੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਮਿਥੇ ਸਮੇਂ ਅੰਦਰ ਸੜਕ ਦਾ ਨਿਰਮਾਣ ਕਾਰਜ ਪੂਰਾ ਕਰਨ ਦੀ ਹਦਾਇਤ ਕੀਤੀ ਹੈ। ਉਨ੍ਹਾਂ ਸਪੱਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸ਼ਹਿਰ ਵਿਚ ਗਲੀਆਂ ਅਤੇ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਹੋਣੀ ਚਾਹੀਦੀ ਅਤੇ ਗੁਣਵੱਤਾ ਪੱਖੋਂ ਕੋਈ ਸਮਝੌਤਾ ਨਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਇਲਾਕਾ ਵਾਸੀਆਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੇ ਫੰਡਾਂ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਕੌਂਸਲਰ ਅਸ਼ੋਕ ਮਹਿਰਾ, ਵਰਿੰਦਰ ਵੈਦ, ਸੁਮੇਸ਼ ਸੋਨੀ, ਭੁਪਿੰਦਰ ਸਿੰਘ, ਰਮੇਸ਼ ਕੁਮਾਰ, ਸ਼ੈਲੀ ਵਾਲੀਆ, ਦੀਨ ਦਿਆਲ, ਅਜੀਤ ਸਿੰਘ, ਸ਼ਿਵ ਪਰਾਸ਼ਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।