ਉਘੇ ਕਾਂਗਰਸੀ ਨੇਤਾ ਪਵਨ ਕਟਾਰੀਆ ਨੇ ਆਮ ਆਦਮੀ ਪਾਰਟੀ ਦਾ ਫੜਿਆ ਹੱਥ
ਹੁਸ਼ਿਆਰਪੁਰ/ਗੜ੍ਹਸ਼ੰਕਰ, 13 ਮਾਰਚ: ਲੋਕ ਸਭਾ ਚੋਣਾਂ ਦੀ ਮਿਤੀ ਦਾ ਐਲਾਨ ਹੋਣ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਉਘੇ ਕਾਂਗਰਸੀ ਨੇਤਾ ਅਤੇ ਮੌਜੂਦਾ ਜ਼ਿਲ੍ਹਾ ਪਰੀਸ਼ਦ ਮੈਂਬਰ ਚੌਧਰੀ ਪਵਨ ਕਟਾਰੀਆ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਪਵਨ ਕਟਾਰੀਆ ਦਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸਵਾਗਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਨਤਾ ਦੇ ਅਨੁਕੂਲ ਨੀਤੀਆਂ ਅਤੇ ਸਾਫ-ਸੁਥਰੀ ਰਾਜਨੀਤੀ ਨੂੰ ਦੇਖਦੇ ਹੋਏ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ੇਸ਼ ਲਗਾਅ ਹੈ ਅਤੇ ਉਹ ਪਾਰਟੀ ਵਿਚ ਸ਼ਾਮਿਲ ਹੋ ਕੇ ਸਮਾਜ ਦੇ ਲਈ ਕੁਝ ਕਰਨਾ ਚਾਹੁੰਦੇ ਹਨ। ਇਸੇ ਲੜੀ ਵਿਚ ਕਾਂਗਰਸ ਨੇਤਾ ਪਵਨ ਕਟਾਰੀਆ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।
ਇਸ ਮੌਕੇ ’ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਜੀਵਨ ਸਿੰਘ ਸੰਘੋਵਾਲ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਰੁਪਿੰਦਰ ਸਿੰਘ, ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ।
ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਪਵਨ ਕਟਾਰੀਆ ਨੇ ਕਿਹਾ ਕਿ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਉਹ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਵਿਚ ਰੌੜੀ ਵੱਲੋਂ ਲੋਕ ਹਿੱਤ ਲਈ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।