ਮੰਤਰੀ ਜਿੰਪਾ ਨੇ 10 ਲੱਖ ਦੀ ਲਾਗਤ ਨਾਲ ਵਾਰਡ ਨੰਬਰ 5 ਦੇ ਈਸ਼ ਨਗਰ ’ਚ ਸੜਕ ਨਿਰਮਾਣ ਕਾਰਜ ਕਰਵਾਇਆ ਸ਼ੁਰੂ
ਹੁਸ਼ਿਆਰਪੁਰ, 14 ਮਾਰਚ: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 10.05 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 5 ਮੁਹੱਲਾ ਈਸ਼ ਨਗਰ ਵਿਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਦੌਰਾਨ ਕਿਹਾ ਕਿ ਹੁਸ਼ਿਆਰਪੁਰ ਵਿਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਰ ਵਾਰਡ ਦੀ ਮੁੱਖ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 5 ਦੇ ਵਿਕਾਸ ਕਾਰਜਾਂ ਦੀ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ।
ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ੁਰੂ ਕੀਤੇ ਗਏ ਕਾਰਜਾਂ ਨੂੰ ਪੂਰੀ ਗੰਭੀਰਤਾਂ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਪੂਰੀ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਈ ਜਾਵੇ, ਤਾਂ ਜੋ ਜਨਤਾ ਨੂੰ ਸਮੇਂ ਸਿਰ ਵੱਖ-ਵੱਖ ਸੁਵਿਧਾਵਾਂ ਮੁਹੱਈਆ ਕਰਵਾਈ ਜਾ ਸਕਣ।
ਉਨ੍ਹਾਂ ਕਿਹਾ ਕਿ ਕੰਮ ਵਿਚ ਗੁਣਵੱਤਾ ਦੇ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਹ ਖੁੱਦ ਜਾ ਕੇ ਸਾਰੇ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਸਪੈਸ਼ਲ ਟੀਮ ਤੋਂ ਵੀ ਕਾਰਜਾਂ ਦੀ ਚੈਕਿੰਗ ਕਰਵਾਈ ਜਾਵੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਵੀ ਮਿਥੇ ਸਮੇਂ ’ਤੇ ਸ਼ੁਰੂ ਕੀਤਾ ਜਾਵੇਗਾ ਅਤੇ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਤੋਂ ਲੈ ਕੇ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਸਮੱਸਿਆ ਦਾ ਮਿਥੇ ਸਮੇਂ ਵਿਚ ਹੱਲ ਕੀਤਾ ਜਾਵੇਗਾ।
ਇਸ ਮੌਕੇ ਕੌਂਸਲਰ ਮੀਨਾ ਸ਼ਰਮਾ, ਵਰੁਣ ਸ਼ਰਮਾ ਆਸ਼ੂ, ਮੋਹਨ ਸੈਣੀ, ਓਮ ਪ੍ਰਕਾਸ਼, ਚਮਨ ਲਾਲ, ਹਰਮਨ ਤੋਂ ਇਲਾਵਾ ਹੋਰ ਮੁਹੱਲਾ ਵਾਸੀ ਵੀ ਮੌਜੂਦ ਸਨ।