ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
ਹੁਸ਼ਿਆਰਪੁਰ, 17 ਮਾਰਚ: ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਲਈ ਮਿਤੀਆਂ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਪੀ ਮਨੋਜ ਠਾਕੁਰ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ ਦਿਵਿਆ ਪੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ 2024 ਨੂੰ ਪੈਣਗੀਆਂ ਅਤੇ 4 ਜੂਨ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 14 ਮਈ 2024 ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ 2024 ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਨਤਕ ਪ੍ਰਾਪਰਟੀ ਤੋਂ ਰਾਜਨੀਤਿਕ ਪਾਰਟੀਆਂ ਦੇ ਹੋਰਡਿੰਗਜ਼ ਅਤੇ ਪੋਸਟਰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸੇ ਨਿੱਜੀ ਪ੍ਰਾਪਰਟੀ ’ਤੇ ਵੀ ਬਿਨਾਂ ਆਗਿਆ ਕੋਈ ਚੋਣ ਇਸ਼ਤਿਹਾਰ ਅਤੇ ਹੋਰਡਿੰਗਜ਼ ਨਹੀਂ ਲਗਾਇਆ ਜਾ ਸਕਦਾ, ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਕਰਵਾਉਣ ਲਈ ਸਾਰੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਕੰਮ ਕਰਨਗੀਆਂ ਅਤੇ ਇਸ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਚੋਣ ਜ਼ਾਬਤੇ ਨੂੰ ਲਾਗੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿਚ ਕੁੱਲ 9 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿਚ ਹੁਣ ਤੱਕ ਕੁੱਲ 15,90,285 ਵੋਟਰ ਹਨ, ਜਿਨ੍ਹਾਂ ਵਿਚ 825454 ਮਰਦ, 764786 ਔਰਤਾਂ ਅਤੇ 45 ਟ੍ਰਾਂਸਜੈਂਡਰ ਵੋਟਰ ਹਨ। ਇਸ ਤੋਂ ਇਲਾਵਾ ਲੋਕ ਸਭਾ ਵਿਚ ਕੁੱਲ 79 ਐਨ.ਆਰ.ਆਈ ਅਤੇ 16778 ਸਰਵਿਸ ਵੋਟਰ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕ ਸਭਾ ਹਲਕੇ ਵਿਚ 1963 ਪੋÇਲੰਗ ਸਟੇਸ਼ਨ ਹਨ। ਉਨ੍ਹਾਂ ਦੱਸਿਆ ਕਿ ਚੋਣ ਜ਼ਾਬਤੇ ’ਤੇ ਨਿਗਰਾਨੀ ਰੱਖਣ ਲਈ ਹਰ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਫਲਾਇੰਗ ਸਕੁਐਡ, ਸਟੈਟਿਕ ਸਰਵੀਲੈਂਸ ਟੀਮਾਂ, ਵੀਡੀਓ ਸਰਵੀਲੈਂਸ ਟੀਮਾਂ, ਵੀਡੀਓ ਵੀਊਇੰਗ ਟੀਮਾਂ, ਅਕਾਊਂਟਿੰਗ ਟੀਮਾਂ, ਐਕਸਾਈਜ਼ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਿੰਟਿੰਗ ਪ੍ਰੈਸ ਕਿਸੇ ਵੀ ਤਰ੍ਹਾਂ ਦੀ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਦੌਰਾਨ ਉਸ ’ਤੇ ਪ੍ਰਿੰਟਰ ਅਤੇ ਪਬਲੀਸ਼ਰਜ਼ ਦਾ ਨਾਮ ਜ਼ਰੂਰ ਪ੍ਰਕਾਸ਼ਿਤ ਕਰੇਗੀ। ਇਸ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ 127 ਏ ਤਹਿਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਉਮੀਦਵਾਰ ਦੇ ਚੋਣ ਖ਼ਰਚੇ ਦੀ ਹੱਦ 95 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕ ਵੀ ਚੋਣ ਜ਼ਾਬਤੇ ਦੀ ਨਿਗਰਾਨੀ ਕਰ ਸਕਦੇ ਹਨ। ਇਸ ਲਈ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਨਾਮ ਦੀ ਮੋਬਾਇਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ ਅਤੇ ਇਸ ਦੁਆਰਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੋਈ ਵੀ ਨਾਗਰਿਕ ਸ਼ਿਕਾਇਤ ਕਰ ਸਕਦਾ ਹੈ।
ਸ਼ਿਕਾਇਤਕਰਤਾ ਜੇਕਰ ਚਾਹੇ ਤਾਂ ਆਪਣੀ ਪਹਿਚਾਣ ਗੁਪਤ ਰੱਖ ਸਕਦਾ ਹੈ। ਸੀ-ਵਿਜ਼ਲ ਰਾਹੀਂ ਪ੍ਰਾਪਤ ਸ਼ਿਕਾਇਤ ’ਤੇ 100 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 235 ਵਿਚ ਸਥਾਪਿਤ ਕੀਤਾ ਗਿਆ ਹੈ, ਜੋ ਕਿ 1950 ਹੈਲਪ ਲਾਈਨ ਨੰਬਰ ਕਾਲ ਸੈਂਟਰ ਵੀ ਰਹੇਗਾ। ਇਸ ਸੈਂਟਰ ’ਤੇ ਫੋਨ ਕਰਕੇ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਜਾਂ ਸ਼ਿਕਾਇਤ ਕਰਜ ਕਰਵਾਈ ਜਾ ਸਕਦੀ ਹੈ। ਇਸੇ ਤਰਜ਼ ’ਤੇ ਹਰ ਵਿਧਾਨ ਸਭਾ ਸੈਂਟਰ ਵਿਚ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੇ.ਵਾਈ.ਸੀ ਐਪ ਰਾਹੀਂ ਵੋਟਰ ਆਪਣੇ ਉਮੀਦਵਾਰ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਚੋਣ ਕਮਿਸ਼ਨ ਵੱਲੋਂ ਗਠਿਤ ਐਮ.ਸੀ.ਐਮ.ਸੀ ਟੀਮ ਪੇਡ ਨਿਊਜ਼, ਬਲਕ ਐਸ.ਐਮ.ਐਸ ਅਤੇ ਸੋਸ਼ਲ ਮੀਡੀਆ ’ਤੇ ਨਿਗਰਾਨੀ ਰੱਖੇਗੀ। ਉਨ੍ਹਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ/ਰੇਡੀਓ ਵਿਚ ਇਸ਼ਤਿਹਾਰ ਦੇਣ ਲਈ ਐਮ.ਸੀ.ਐਮ.ਸੀ ਤੋਂ ਸਰਟੀਫਿਕੇਟ ਲੈਣਾ ਜ਼ਰੂਰੀ ਹੈ।
ਕੋਮਲ ਮਿੱਤਲ ਨੇ ਦੱਸਿਆ ਕਿ ਪੋÇਲੰਗ ਬੂਥਾਂ ’ਤੇ ਪੀਣ ਦੇ ਪਾਣੀ, ਪਖਾਨੇ, ਰੈਂਪ, ਵੀਲ੍ਹ ਚੇਅਰ, ਸਾਈਨੇਜ, ਹੈਲਪ ਡੈਸਕ, ਸ਼ੈੱਡ, ਉਚਿਤ ਰੋਸ਼ਨੀ, ਵੋਟਰ ਫੈਸੀਲੀਟੇਸ਼ਨ ਸੈਂਟਰ ਵੀ ਵਿਵਸਥਾ ਹੋਵੇਗੀ। ਇਸ ਤੋਂ ਇਲਾਵਾ ਮਾਡਲ ਪੋÇਲੰਗ ਸਟੇਸ਼ਨ, ਵੋਮੈਨ ਮੈਨੇਜਡ ਪੋÇਲੰਗ ਸਟੇਸ਼ਨ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ, 40 ਫੀਸਦੀ ਤੋਂ ਵੱਧ ਦਿਵਿਆਂਗਤਾ ਵਾਲੇ ਵੋਟਰ ਆਪਣੇ ਘਰ ਤੋਂ ਵੋਟ ਪਾ ਸਕਣਗੇ, ਜਿਸ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬਜ਼ੁਰਗਾਂ ਅਤੇ ਦਿਵਿਆਂਗ ਵੋਟਰਾਂ ਨੂੰ ਟਰਾਂਸਪੋਰਟ ਸੁਵਿਧਾ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 210 (ਐਮ.ਏ. ਬਰਾਂਚ) ਵਿਚ ਇਕ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿਥੇ ਵੱਖ-ਵੱਖ ਰੈਲੀਆਂ ਅਤੇ ਲਾਊਡ ਸਪੀਕਰਾਂ ਦੀ ਵੱਖ-ਵੱਖ ਤਰ੍ਹਾਂ ਦੀ ਆਗਿਆ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵੋਟ ਪਾਉਣਾ ਇਕ ਮੌਕਾ ਹੁੰਦਾ ਹੈ, ਜਦ ਦੇਸ਼ ਦੇ ਨਾਗਰਿਕ ਆਪਣੀ ਪਸੰਦ ਦੀ ਸਰਕਾਰ ਦੀ ਚੋਣ ਕਰਦੇ ਹਨ, ਜਿਸ ਲਈ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰ ਨਾਗਰਿਕ ਨੂੰ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਵੋਟ ਪਾਉਣ ਦੀ ਜ਼ਰੂਰ ਵਰਤੋਂ ਕਰਨ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਆਪਣੀ ਹਿੱਸੇਦਾਰੀ ਪਾਉਣ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ, ਹਰਪ੍ਰੀਤ ਕੌਰ, ਲਖਵੀਰ ਸਿੰਘ, ਮੇਘਾ ਮਹਿਤਾ ਵੀ ਮੌਜੂਦ ਸਨ।