ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ‘ਸੀ ਵਿਜਲ’ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ
ਹੁਸ਼ਿਆਰਪੁਰ, 27 ਮਾਰਚ : ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚੋਣ ਕਮਿਸ਼ਨ ਨੇ ‘ਸੀ ਵਿਜਲ’ ਨਾਂ ਦੀ ਮੋਬਾਇਲ ਐਪ ਲਾਂਚ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤਰ੍ਹਾਂ ਦਰਜ ਕਰਾਈ ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ-ਆਪ ਚੁੱਕ ਲੈਂਦੀ ਹੈ ਜਿਥੋਂ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਈਵ ਫੋਟੋ ਜਾਂ ਵੀਡੀਓ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਇਸ ਐਪ ’ਤੇ ਸਿਰਫ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ ਅਤੇ ਆਮ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹੋਰ ਸ਼ਿਕਾਇਤਾਂ ਇਸ ਐਪ ’ਤੇ ਨਾ ਭੇਜੀਆਂ ਜਾਣ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜੇ ਕਿਤੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਹੋ ਰਹੀ ਹੋਵੇ ਤਾਂ ਉਹ ਇਸ ਐਪ ਰਾਹੀਂ ਸ਼ਿਕਾਇਤ ਦਰਜ਼ ਕਰਾ ਸਕਦੇ ਹਨ। ਇਸ ਤੋਂ ਬਿਨਾਂ ਹੋਰ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਚੋਣ ਕੰਟਰੋਲ ਰੂਮ, ਜਿਸ ਦਾ ਨੰਬਰ 1950 ਹੈ, ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।