ਦੇਸ਼ ਨੂੰ ਇਕਜੁੱਟ ਕਰਨ ’ਚ ਬਾਬਾ ਸਾਹਿਬ ਦੀ ਵਿਸ਼ੇਸ਼ ਭੂਮਿਕਾ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 14 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਬਹੁਤ ਹੀ ਸ਼ਰਧਾ ਨਾਲ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਵਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੰਪਲੈਕਸ ਵਿਚ ਲੱਗੀ ਡਾ. ਅੰਬੇਦਕਰ ਜੀ ਦੀ ਤਸਵੀਰ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਸਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਕਜੁੱਟ ਕਰਨ ਦਾ ਜੋ ਕਾਰਜ ਬਾਬਾ ਸਾਹਿਬ ਨੇ ਕੀਤਾ ਹੈ, ਉਸ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਸਾਰਿਆਂ ਨੂੰ ਬਰਾਬਰ ਅਧਿਕਾਰ ਦੇਣ ਲਈ ਇਕਜੁੱਟਤਾ ਕਾਇਮ ਕਰਨ ਵਿਚ ਮੁੱਖ ਭੂਮਿਕਾ ਨਿਭਾਈ ਅਤੇ ਉਸ ਸਮੇਂ ਦੌਰਾਨ ਸਮਾਜ ਵਿਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕੀਤਾ।
ਕੋਮਲ ਮਿੱਤਲ ਨੇ ਕਿਹਾ ਕਿ ਬਾਬਾ ਸਾਹਿਬ ਇਕ ਮਹਾਨ ਸ਼ਖਸੀਅਤ ਸਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸਮਾਜ ਲਈ ਦਿੱਤੇ ਉਨ੍ਹਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ ਚੱਲ ਕੇ ਦੇਸ਼ ਅਤੇ ਸਮਾਜ ਦੀ ਸੇਵਾ ਲਈ ਅੱਗੇ ਆਉਣ। ਇਸ ਮੌਕੇ ਹਾਜ਼ਰ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਡਾ. ਅੰਬੇਦਕਰ ਜੀ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।