ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਹੁਸ਼ਿਆਰਪੁਰ ’ਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ
ਹੁਸ਼ਿਆਰਪੁਰ, 18 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਸ਼ੁਰੂ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 693 ਮੀਟ੍ਰਿਕ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 130 ਮੀਟ੍ਰਿਕ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਵੇਚੀ ਗਈ ਫ਼ਸਲ ਦੀ ਤੁਰੰਤ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 66 ਮੰਡੀਆਂ ਹਨ। ਇਸ ਤੋਂ ਇਲਾਵਾ 8 ਟੈਂਪਰੇਰੀ ਯਾਰਡ ਮੰਡੀਆਂ ਵੀ ਬਣਾਈਆਂ ਗਈ ਹਨ। ਇਸ ਤਰ੍ਹਾਂ ਜ਼ਿਲ੍ਹੇ ਵਿਚ 74 ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨਾਲ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਮਧੂ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਮੰਡੀਆਂ ਵਿਚ 3,25,461 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦੀ ਆਸ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਦੌਰਾਨ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸਟਾਫ ਦੀ ਪੋਸਟਿੰਗ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿਚ ਪਾਣੀ, ਲਾਈਟਾਂ, ਪੱਖੇ, ਛਾਂ, ਜਨਰੇਟਰ ਸੈਟ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਕਣਕ ਦਾ ਐਮ.ਐਸ.ਪੀ 2275 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਫ਼ਸਲ ਦੇ ਮੰਡੀਕਰਨ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।