ਈਪੀਆਈ ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਮਨਾਇਆ ਜਾ ਰਿਹਾ ਹੈ “ਵਿਸ਼ਵ ਟੀਕਾਕਰਨ ਹਫਤਾ”: ਡਾ. ਡਮਾਣਾ
ਹੁਸ਼ਿਆਰਪੁਰ 22 ਅਪ੍ਰੈਲ 2024: ਟੀਕਾਕਰਨ ਮੁਹਿੰਮ ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 24 ਅਪ੍ਰੈਲ ਤੋਂ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਦੀ ਪ੍ਰਧਾਨਗੀ ਅਤੇ ਜ਼ਿਲਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਦੀ ਅਗਵਾਈ ਵਿਚ ਇਸ ਮੁਹਿੰਮ ਜਾਗਰੂਕਤਾ ਸਮੱਗਰੀ ਜਾਰੀ ਕੀਤੀ ਗਈ ।
ਮੁਹਿੰਮ ਬਾਰੇ ਜਾਗਰੂਕ ਕਰਦਿਆਂ ਡਾ.ਬਲਵਿੰਦਰ ਕੁਮਾਰ ਡਮਾਣਾ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਸਾਲ 1974 ਵਿਚ ਈਪੀਆਈ ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਸਾਲ 2024 ਵਿਚ ਈਪੀਆਈ ਦੀ 50ਵੀਂ ਵਰ੍ਹੇਗੰਢ ਇਸ ਪ੍ਰੋਗਰਾਮ ਦੀਆਂ ਪ੍ਰਾਪਤੀਆਂ ਦੇ ਜਸ਼ਨ ਮਨਾਉਣ, ਟੀਕਾਕਰਨ ਨਾਲ ਬਚਾਈਆਂ ਗਈਆਂ ਜਾਨਾਂ ਤੇ ਇਸਦੇ ਪ੍ਰਭਾਵ ਨੂੰ ਉਜਾਗਰ ਕਰਨ ਤੇ ਨਿਯਮਤ ਟੀਕਾਕਰਨ ਪਹਿਲ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਕ ਸਿਹਤ ਲਈ ਟੀਕਾਕਰਨ ਪ੍ਰੋਗਰਾਮ ਇਕ ਮਜ਼ਬੂਤ ਬੁਨਿਆਦ ਦੇ ਰੂਪ ਵਿਚ ਉੱਭਰਿਆ ਹੈ ਜੋ ਕਿ ਮਾਰੂ ਬਿਮਾਰੀਆਂ ਨੂੰ ਫੈਲਣ ਤੋਂ ਰੋਕਦਾ ਹੈ।
ਜਿਲਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਨੇ ਕਿਹਾ ਕਿ ਬੁੱਧਵਾਰ ਨੂੰ ਛੱਡ ਕੇ 24 ਤੋਂ 30 ਅਪ੍ਰੈਲ ਤਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਜਿਨਾਂ ਦਾ ਕੋਈ ਟੀਕਾ ਕਿਸੇ ਕਾਰਨ ਕਰਕੇ ਰਹਿ ਗਿਆ ਹੋਵੇ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇਗਾ। ਉਨਾ ਕਿਹਾ ਕਿ ਬੱਚਿਆਂ ਨੂੰ ਵੱਖ ਵੱਖ 11 ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਬਹੁਤ ਜਰੂਰੀ ਹੈ ਜੋ ਕਿ ਸਾਰੇ ਸਿਹਤ ਕੇਂਦਰਾਂ ਤੇ ਸਰਕਾਰੀ ਹਦਾਇਤਾਂ ਮੁਤਾਬਿਕ ਮੁਫਤ ਕੀਤਾ ਜਾਂਦਾ ਹੈ।
ਉਨਾਂ ਕਿਹਾ ਕਿ ਜੇਕਰ ਕਿਸੇ ਨੇ ਜਣੇਪਾ ਪ੍ਰਾਈਵੇਟ ਵੀ ਕਰਵਾਇਆ ਹੈ ਤਾਂ ਉਹ ਵੀ ਨਜਦੀਕੀ ਸਿਹਤ ਕੇਂਦਰ ਤੋਂ ਜਲਦ ਤੋਂ ਜਲਦ ਇਹ ਟੀਕੇ ਲਗਵਾਉਣੇ ਸੁਨਿਸ਼ਚਤ ਕਰਨ। ਉਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਬੱਚੇ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਬੱਚੇ ਦਾ ਸੰਪੂਰਨ ਟੀਕਾਕਰਨ ਸਮੇਂ ਸਿਰ ਜਰੂਰ ਕਰਵਾਇਆ ਜਾਵੇ ਅਤੇ ਟੀਕਾਕਰਨ ਕਾਰਡ ਹਮੇਸ਼ਾਂ ਸੰਭਾਲ ਕੇ ਰੱਖਿਆ ਜਾਵੇ ਅਤੇ ਹਰ ਟੀਕਾਕਰਨ ਸਮੇਂ ਨਾਲ ਜਰੂਰ ਲਿਆਂਦਾ ਜਾਵੇ।
ਜਾਗਰੂਕਤਾ ਸਮੱਗਰੀ ਜਾਰੀ ਕਰਨ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਬਲਦੇਵ ਸਿੰਘ ਤੇ ਡਾ.ਹਰਜੀਤ ਸਿੰਘ, ਡਾ.ਮੀਤਦਪਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਜ਼ਿਲਾ ਬੀ.ਸੀ.ਸੀ ਕੋਆਰਡੀਨੇਟਰ ਅਮਨਦੀਪ ਸਿੰਘ, ਸੀ.ਸੀ.ਵੀ.ਐਮ ਉਪਕਾਰ ਸਿੰਘ, ਨਵਪ੍ਰੀਤ ਕੌਰ ਅਤੇ ਦਿਲਜੀਤ ਕੌਰ ਮੌਜੂਦ ਸਨ।