ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖ਼ਰੀਦ ਤੇ ਲਿਫਟਿੰਗ ’ਚ ਤੇਜ਼ੀ ਲਿਆਉਣ ਦੀ ਹਦਾਇਤ
ਹੁਸ਼ਿਆਰਪੁਰ, 24 ਅਪ੍ਰੈਲ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮਾਹਿਲਪੁਰ ਦਾਣਾ ਮੰਡੀ ਤੇ ਮਾਰਕਫੈਡ ਗੋਦਾਮ ਦੀ ਚੈਕਿੰਗ ਕਰਦਿਆਂ ਸਬੰਧਤ ਅਧਿਕਾਰੀਆਂ ਤੇ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ ਕਣਕ ਦੀ ਖ਼ਰੀਦ ਤੇ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 35237 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35154 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 12987 ਮੀਟ੍ਰਿਕ ਟਨ, ਮਾਰਕਫੈਡ ਵਲੋਂ 4897, ਪਨਸਪ ਵਲੋਂ 7206, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 6323, ਐਫ.ਸੀ.ਆਈ ਵਲੋਂ 2921 ਅਤੇ ਵਪਾਰੀਆਂ ਵਲੋਂ 820 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖ਼ਰੀਦ ਕੀਤੀ ਗਈ ਕਣਕ ਲਈ ਕਿਸਾਨਾਂ ਨੂੰ 51.80 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਅਧਿਕਾਰੀਆਂ ਨੂੰ ਖ਼ਰੀਦ ਕੀਤੀ ਕਣਕ ਦੀ ਨਾਲੋ-ਨਾਲ ਲਿਫਟਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਣਕ ਦੀ ਸੁਚਾਰੂ ਖ਼ਰੀਦ ਨੂੰ ਲੈ ਕੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਲਿਫਟਿੰਗ ਦਾ ਰੋਜ਼ਾਨਾ ਟੀਚਾ ਪੂਰਾ ਕਰਨ ਲਈ ਸਾਰੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਅਤੇ ਇਸ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ ਅਤੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਦੇ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਸਮੇਂ ਕੰਬਾਇਨਾਂ ਨਮੀ ਵਾਲੀ ਫ਼ਸਲ ਵੀ ਕੱਟ ਦਿੰਦੀਆਂ ਹਨ, ਜਿਸ ਨਾਲ ਫਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਦ ਦੀ ਰਹਿੰਦ-ਖੂਹੰਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ।