ਸੜਕ ਹਾਦਸਿਆਂ ’ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਲਦ ਤੋਂ ਜਲਦ ਡਿਪੈਂਡੈਂਟ ਸਰਟੀਫਿਕੇਟ ਜਾਰੀ ਕਰਨ ਦੀ ਹਦਾਇਤ
ਹੁਸ਼ਿਆਰਪੁਰ, 24 ਅਪ੍ਰੈਲ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ. ਐਸ. ਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਸੜਕ ਦੁਰਘਟਨਾਵਾਂ ਵਿਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ ਜਾਰੀ ਹੋਣ ਵਾਲੇ ਡਿਪੈਂਡੈਂਟ ਸਰਟੀਫਿਕੇਟ ਜਲਦ ਤੋਂ ਜਲਦ ਜਾਰੀ ਕੀਤੇ ਜਾਣ, ਤਾਂ ਜੋ ‘ਕੰਪਨਸੇਸ਼ਨ ਟੂ ਵਿਕਟਮ’ ਤਹਿਤ ਮ੍ਰਿਤਕ ਦੇ ਆਸ਼ਰਿਤਾਂ ਨੂੰ ਮਿਲਣ ਵਾਲਾ ਦੋ ਲੱਖ ਰੁਪਏ ਦਾ ਮੁਆਵਜ਼ਾ ਸਮੇਂ ਸਿਰ ਮਿਲ ਸਕੇ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਦੁਰਘਟਨਾ ਦੇ ਕਿਸੇ ਮਾਮਲੇ ਵਿਚ ਜੇਕਰ ਜ਼ਿਲ੍ਹੇ ਦੀ ਕਿਸੇ ਅਦਾਲਤ ਵਿਚ ਸਜ਼ਾ ਹੁੰਦੀ ਹੈ, ਤਾਂ 40 ਫੀਸਦੀ ਤੋਂ ਵੱਧ ਜ਼ਖਮੀ ਦੇ ਮਾਮਲੇ ਵਿਚ ਪੀੜਤ ਵਿਅਕਤੀ ਨੂੰ ਮੁਆਵਜ਼ਾ ਦੇਣ ਦਾ ਪ੍ਰਾਵਧਾਨ ਹੁੰਦਾ ਹੈ। ਇਸ ਲਈ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਅਦਾਲਤ ਨੂੰ ਕਹਿ ਕੇ ਉਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਭੇਜਿਆ ਜਾਵੇ, ਤਾਂ ਜੋ ਪੀੜਤ ਵਿਅਕਤੀ ਨੂੰ ‘ਕੰਪਨਸੇਸ਼ਨ ਟੂ ਵਿਕਟਮ’ ਤਹਿਤ ਮੁਆਵਜ਼ਾ ਦਿਵਾਇਆ ਜਾ ਸਕੇ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿ 11 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਸਮੇਂ ਅਤੇ ਧਨ ਦੋਵਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਾਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰੁਪਿੰਦਰ ਸਿੰਘ, ਪ੍ਰਧਾਨ ਜਿਲ੍ਹਾ ਬਾਰ ਐਸੋਸੀਏਸ਼ਨ ਐਡਵੋਕੇਟ ਰਣਜੀਤ ਕੁਮਾਰ, ਜ਼ਿਲ੍ਹਾ ਅਟਾਰਟੀ ਵਰਿੰਦਰ ਕੁਮਾਰ, ਐਸ. ਪੀ ਮਨੋਜ ਕੁਮਾਰ, ਸਹਾਇਕ ਜੇਲ੍ਹ ਸੁਪਰਡੈਂਟ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਆਗਿਆਪਾਲ ਸਿੰਘ ਸਾਹਨੀ ਅਤੇ ਕਿਰਨਪ੍ਰੀਤ ਕੌਰ ਧਾਮੀ ਵੀ ਮੌਜੂਦ ਸਨ।