ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ 100 ਫੀਸਦੀ ਕਣਕ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 1 ਮਈ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵਿਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚੀ 100 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 192015 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਏਜੰਸੀਆਂ ਵਲੋਂ 192015 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
ਕਿਸਾਨਾਂ ਦੇ ਬੈਂਕ ਖਾਤਿਆਂ ’ਚ ਹੁਣ ਤੱਕ ਕੀਤੀ ਜਾ ਚੁੱਕੀ ਹੈ 401.76 ਕਰੋੜ ਰੁਪਏ ਦੀ ਸਿੱਧੀ ਅਦਾਇਗੀ


ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 54822 ਮੀਟ੍ਰਿਕ ਟਨ, ਮਾਰਕਫੈਡ ਵਲੋਂ 42441, ਪਨਸਪ ਵਲੋਂ 46844, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 2707, ਐਫ.ਸੀ.ਆਈ ਵਲੋਂ 15725 ਮੀਟ੍ਰਿਕ ਟਨ ਕਣਕ ਅਤੇ ਵਾਪਰੀਆਂ ਵਲੋਂ 5045 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 401.76 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਵਿਚ ਕਿਸੇ ਤਰਾਂ ਦੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।
ਕੋਮਲ ਮਿੱਤਲ ਨੇ ਕਿਸਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਰਾਤ ਸਮੇਂ ਕਣਕ ਦੀ ਕਟਾਈ ਨਾ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲਿਆਉਣ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ, ਬਲਕਿ ਇਸ ਦਾ ਖੇਤ ਵਿਚ ਹੀ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਾੜ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ।