ਕੌਮੀ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇ ਕੇਸਾਂ ਦਾ ਨਿਪਟਾਰਾ : ਸੀਜੇਐਮ ਰਾਜ ਪਾਲ ਰਾਵਲ
ਹੁਸ਼ਿਆਰਪੁਰ, 2 ਮਈ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜ ਪਾਲ ਰਾਵਲ ਵੱਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ 11 ਮਈ 2024 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬੈਕਾਂ ਦੇ ਅਧਿਕਾਰੀਆਂ, ਸਰਕਾਰੀ ਅਦਾਰਿਆਂ, ਟੈਲੀਕਾਮ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ ਵੱਧ ਤੋ ਵੱਧ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕਰਵਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਰਿਜਨਲ ਟਰਾਂਸਪੋਰਟ ਦਫ਼ਤਰ ਹੁਸ਼ਿਆਰਪੁਰ ਦੇ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਗਏ ਕਿ ਪੈਂਡਿੰਗ ਚਲਾਨਾਂ ਨੂੰ ਸੀ.ਜੇ.ਐਮ ਹੁਸ਼ਿਆਰਪੁਰ ਦੀ ਅਦਾਲਤ ਵਿਚ ਭੇਜਿਆ ਜਾਵੇ, ਤਾਂ ਜੋ ਆਮ ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਦਾ ਲਾਭ ਮਿਲ ਸਕੇ। ਇਸੇ ਤਰ੍ਹਾਂ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੂੰ ਕਿਹਾ ਗਿਆ ਕਿ ਜਿਨ੍ਹਾਂ ਲੋਕਾ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ, ਉਨ੍ਹਾਂ ਦੇ ਕੱਟੇ ਗਏ ਚਲਾਨਾ ਨੂੰ ਸੀ.ਜੇ.ਐਮ ਦੀ ਅਦਾਲਤ ਵਿਚ ਭੇਜਿਆ ਜਾਵੇ।
ਇਸ ਦੇ ਨਾਲ ਹੀ ਬੀ.ਡੀ.ਪੀ.ਓ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਨੂੰ ਕੌਮੀ ਲੋਕ ਅਦਾਲਤ ਸਬੰਧੀ ਵੱਧ ਤੋ ਵੱਧ ਪ੍ਰਚਾਰ ਕਰਨ ਲਈ ਕਿਹਾ ਗਿਆ। ਜ਼ਿਲ੍ਹਾ ਮਾਲ ਅਫਸਰ-ਕਮ-ਨੋਡਲ ਅਫਸਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਭੇਜੇ ਗਏ ਕਰਮਚਾਰੀ ਨੂੰ ਨਿਰਦੇਸ਼ ਦਿੱਤੇ ਗਏ ਕਿ ਜ਼ਿਲ੍ਹਾ ਮਾਲ ਅਫਸਰ ਵੱਲੋਂ ਆਪਣੇ ਅਧੀਨ ਕੰਮ ਕਰ ਰਹੇ ਮਾਲ ਅਧਿਕਾਰੀਆਂ ਨੂੰ ਹੁਕਮ ਕੀਤੇ ਜਾਣ ਕਿ 11 ਮਈ 2024 ਨੂੰ ਲਗਾਈ ਜਾਣ ਵਾਲ ਕੌਮੀ ਲੋਕ ਅਦਾਲਤ ਵਿਚ ਵੱਧ ਤੋ ਵੱਧ ਰੈਵੀਨਿਊ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ।
ਇਸ ਤੋਂ ਇਲਾਵਾ ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਪਾਲ ਰਾਵਲ ਦੀ ਅਗਵਾਈ ਹੇਠ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ ਸੰਦੀਪ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ‘ਨਾਲਸਾ’ (ਗੈਰ-ਸੰਗਠਿਤ ਖੇਤਰ ਵਿਚ ਕਾਮਿਆਂ ਨੂੰ ਕਾਨੂੰਨੀ ਸੇਵਾਵਾਂ) ਸਕੀਮ 2015 ਬਾਰੇ ਜਾਣੂ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਕਰਨ ਲੂਥਰਾ ਅਤੇ ਪੀ.ਐਲ.ਵੀ ਕਸਤੂਰੀ ਲਾਲ ਮੌਜੂਦ ਸਨ।