ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਹੁਸ਼ਿਆਰਪੁਰ 7 ਮਈ 2024 : ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਗਰਮ ਲੂ (ਹੀਟ ਵੇਵ) ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਨੇ ਦੱਸਿਆ ਕਿ ਤਾਪਮਾਨ ਵਿੱਚ ਦਿਨ-ਪ੍ਰਤੀਦਿਨ ਹੋ ਰਹੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਹਿੱਤ ਵਧੇਰੇ ਸੁਚੇਤ ਹੋਣ ਦੀ ਲੋੜ ਹੈ ।
ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਹ ਉੱਚ ਤਾਪਮਾਨ ਸਰੀਰ ਦੀ ਤਾਪਮਾਨ ਨਿਯਤੰਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸੰਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਈ ਅਤੇ ਜੂਨ ਮਹੀਨੇ ਦੌਰਾਨ ਗਰਮ ਲੂ ਚੱਲਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਨਵਜਨਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਢੇਰੀ ਉਮਰ ਦੇ ਵਿਅਕਤੀ, ਮਜਦੂਰੀ ਕਰਨ ਵਾਲੇ ਅਤੇ ਉਹ ਲੋਕ ਜੋ ਸਰੀਰਕ ਤੌਰ ‘ਤੇ ਬਿਮਾਰ ਹਨ, ਖਾਸਕਰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਵਧੇਰੇ ਜੋਖਮ ਹੁੰਦਾ ਹੈ।
ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦੇਣ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ। ਉਨ੍ਹਾਂ ਕਿਹਾ ਕਿ ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਹੀਂ ਜਾਣਾ ਚਾਹੀਦਾ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
ਜ਼ਿਲਾ ਐਪੀਡਿਮੋਲੇਜਿਸਟ ਡਾ.ਜਗਦੀਪ ਸਿੰਘ ਨੇ ਕਿਹਾ ਕਿ ਲੂ ਦੇ ਪ੍ਰਭਾਵ ਹੇਠ ਆਉਣ ਕਾਰਨ ਸ਼ਰੀਰ ਵਿੱਚੋਂ ਪਾਣੀ ਦੀ ਕਮੀ ਹੁੰਦੀ ਹੈ ਅਤੇ ਸਰੀਰ ਦਾ ਅੰਦਰਲਾ ਤਾਪਮਾਨ ਵੱਧ ਜਾਂਦਾ ਹੈ। ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ‘ਤੇ ਵੀ ਬਹੁਤ ਜ਼ਿਆਦਾ ਥਕਾਨ ਮਹਿਸੂਸ ਕਰਦਾ ਹੈ। ਲੂ ਲੱਗਣ ਨਾਲ ਸ਼ਰੀਰ ਤੇ ਪਿੱਤ, ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਨ ਹੋਣਾ, ਸਿਰਦਰਦ ਤੇ ਉਲਟੀਆਂ ਲੱਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ, ਬੇਚੈਨੀ, ਚਿੜਚਿੜਾਪਣ ਤੇ ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ। ਇਸ ਤੋਂ ਵੀ ਵੱਧ ਗਭੀਰ ਸਥਿਤੀ ਹੋਣ ‘ਤੇ ਕਈ ਵਾਰੀ ਮਾਸਪੇਸ਼ੀਆ ਵਿਚ ਵੀ ਖੱਲੀਆਂ ਪੈਣਾ, ਬੇਹੋਸ਼ ਹੋਣਾ ਅਤੇ ਕਈ ਵਾਰੀ ਹੀਟ ਸਟਰੋਕ ਦੀ ਨੌਬਤ ਵੀ ਆ ਜਾਂਦੀ ਹੈ ਜੋ ਕਿ ਜਾਨਲੇਵਾ ਵੀ ਹੋ ਸਕਦੀ ਹੈ। ਇਸ ਲਈ ਕੜਕਦੀ ਧੁੱਪ ਵਿੱਚ ਲੇਬਰ ਦੇ ਤੌਰ ‘ਤੇ ਕੰਮ ਕਰ ਰਹੇ ਵਿਅਕਤੀਆਂ ਵਿੱਚ ਕਈ ਵਾਰੀ ਹੀਟ ਸਟਰੋਕ ਦੀ ਪ੍ਰੇਸ਼ਾਨੀ ਆਉਂਦੀ ਹੈ, ਇਸ ਲਈ ਇਨ੍ਹਾਂ ਵੱਲ ਖਾਸ ਧਿਆਨ ਦਿੱਤਾ ਜਾਵੇ।
ਉਹਨਾਂ ਕਿਹਾ ਕਿ ਗਰਮੀ ਦੀ ਲਹਿਰ (ਹੀਟ ਵੇਵ) ਦੇ ਅਜਿਹੇ ਲੱਛਣ ਦਿਖਾਈ ਦੇਣ ‘ਤੇ ਪ੍ਰਭਾਵਿਤ ਵਿਅਕਤੀ ਨੂੰ ਤੁਰੰਤ ਨਜਦੀਕੀ ਸਿਹਤ ਸੰਸਥਾ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਲੂ ਤੋਂ ਬਚਾਅ ਲਈ ਜੇਕਰ ਸੰਭਵ ਹੋਵੇ ਤਾਂ ਬਾਹਰਲੇ ਕੰਮ ਦਿਨ ਦੇ ਠੰਡੇ ਸਮੇਂ ਯਾਨੀ ਸਵੇਰੇ ਅਤੇ ਸ਼ਾਮ ਨੂੰ ਹੀ ਕਰੋ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਉਣ ਦੇ ਨਾਲ-ਨਾਲ ਧੁੱਪ ਤੋਂ ਬਚਾਅ ਲਈ ਛੱਤਰੀ, ਟੋਪੀ, ਤੋਲੀਏ ਆਦਿ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਨੰਗੇ ਪੈਰ ਧੁੱਪ ‘ਚ ਜਾਣ ਤੋਂ ਪਰਹੇਜ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਜੇਕਰ ਧੁੱਪ ਵਿੱਚ ਬਾਹਰ ਜਾਣਾ ਜਿਆਦਾ ਜਰੂਰੀ ਹੋਵੇ ਤਾਂ ਪਾਣੀ ਨਾਲ ਲੈ ਕੇ ਜਰੂਰ ਜਾਓ। ਥੋੜ੍ਹੇ-ਥੋੜ੍ਹੇ ਵਕਫੇ ਬਾਅਦ ਪਾਣੀ ਜਰੂਰ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀ ਅਤੇ ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ‘ਤੇ ਹਨ, ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰੀ ਸਲਾਹ ਜਰੂਰ ਲੈਣ।