ਪੰਜਾਬ

ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈਸ: ਡਾ. ਬਲਬੀਰ ਸਿੰਘ

ਪਟਿਆਲਾ, 17 ਅਪ੍ਰੈਲ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨ, ਉਨ੍ਹਾਂ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਚਾਰ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਵਿਆਪਕ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਦਾ ਉਦੇਸ਼ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਹੈ, ਉਹ ਹਕੀਕਤ ਵਿੱਚ ਕਰਕੇ ਦਿਖਾਇਆ ਹੈ, ਜਿਸ ਦੀ ਮਿਸਾਲ ਸੂਬੇ ਦੇ 12 ਹਜ਼ਾਰ ਸਕੂਲਾਂ ’ਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ’ਤੇ ਸੂਬਾ ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ।

ਆਪਣੇ ਸੰਬੋਧਨ ਦੌਰਾਨ ਡਾ. ਬਲਬੀਰ ਸਿੰਘ ਨੇ ਪੁਰਾਣੀਆਂ ਰਵਾਇਤੀ ਪਾਰਟੀਆਂ ਉੱਤੇ ਤਨਜ਼ ਕਸਦਿਆਂ ਕਿਹਾ ਕਿ ਏ.ਬੀ.ਸੀ ਅਕਾਲੀ ਦਲ, ਬੀਜੇਪੀ ਅਤੇ ਕਾਂਗਰਸ ਨੇ ਆਪਣੀ ਸੌੜੀ ਰਾਜਨੀਤੀ ਕਰਦਿਆਂ ਸੂਬੇ ਚ ਗੈਂਗਸਟਰ ਪੈਦਾ ਕੀਤੇ ਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕਿਆ ਹੈ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲ ਕਦਮੀਆ ਕਰ ਰਹੀ ਹੈ ਜਿੱਥੋਂ ਪੜੇ ਵਿਦਿਆਰਥੀ ਕੌਮਾਂਤਰੀ ਪੱਧਰ ਦੇ ਉੱਦਮੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਵ ਲਿਆਉਂਦਿਆਂ ਜੋ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਇਹ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਉਦੇਸ਼ ਨਾਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਜੀਵਨ ਵਿੱਚ ਬੁਲੰਦੀਆਂ ਛੂਹ ਸਕਣ ਤੇ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ।

ਉਨ੍ਹਾਂ ਵਿਦਿਆਰਥੀਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇ ਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਹੁਨਰ ਨਿੱਖਰ ਕੇ ਸਾਹਮਣੇ ਆਇਆ ਹੈ।

ਅੱਜ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਸਕੂਲ ਸਿੱਧੂਵਾਲ, ਸਰਕਾਰੀ ਸਕੂਲ ਜੱਸੋਵਾਲ, ਸਰਕਾਰੀ ਸਕੂਲ ਪਿੰਡ ਲੰਗ, ਸਰਕਾਰੀ ਸਕੂਲ ਲਚਕਾਣੀ ਤੇ ਸਰਕਾਰੀ ਸਕੂਲ ਬਖ਼ਸ਼ੀਵਾਲ ਸਕੂਲ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਜਸਬੀਰ ਸਿੰਘ ਗਾਂਧੀ, ਡਿਪਟੀ ਡੀ.ਓ ਰਵਿੰਦਰ ਸਿੰਘ, ਹਰਪਾਲ ਸਿੰਘ ਵਿਰਕ, ‌ਪ੍ਰਿੰਸੀਪਲ ਅਮਨਦੀਪ ਕੌਰ, ਸਰਪੰਚ ਗੁਰਨਾਮ ਸਿੰਘ, ਬੀ.ਪੀ.ਓ ਜਸਵਿੰਦਰ ਸਿੰਘ, ਸਰਪੰਚ ਜਸਵਿੰਦਰ ਕੌਰ, ਦੀਪਕ ਕੁਮਾਰ, ਬਲਜੀਤ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਸਕੂਲ ਵਿਦਿਆਰਥੀ, ਮਾਪੇ, ਅਧਿਆਪਕ ਦੇ ਪਿੰਡ ਵਾਸੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page