ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ
ਹੁਸ਼ਿਆਰਪੁਰ, 14 ਜੂਨ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਬਰਸਾਤਾਂ ਦੌਰਾਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ, ਐਸ.ਡੀ.ਐਮ ਗੜ੍ਹਸ਼ੰੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਅਤੇ ਡੀ.ਆਰ.ਓ ਅਰਵਿੰਦ ਪ੍ਰਕਾਸ਼ ਵਰਮਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜੂਨ ਤੋਂ ਸਤੰਬਰ ਤੱਕ ਭਾਰੀ ਬਾਰਿਸ਼ ਕਾਰਨ ਹੜ੍ਹ ਦੀ ਸਥਿਤੀ ਬਣੇ ਰਹਿਣ ਦੀ ਸੰਭਾਵਨਾ ਹੁੰਦੀ ਹੈ, ਇਸ ਲਈ ਇਸ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਲਈ ਇਕਜੁੱਟਤਾ ਅਤੇ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਸਬ-ਡਵੀਜ਼ਨ ਪੱਧਰ ’ਤੇ ਸੈਕਟਰ ਪਲਾਨ ਬਣਾਉਣ ਦੇ ਨਾਲ-ਨਾਲ ਪੁਲਿਸ ਦੇ ਤਾਲਮੇਲ ਨਾਲ ਸੈਕਟਰ ਅਫ਼ਸਰ ਨਿਯੁਕਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਤਜ਼ਰਬੇਕਾਰ ਗੋਤਾਖੋਰਾਂ ਅਤੇ ਤੈਰਾਕਾਂ ਨੂੰ ਵੀ ਪਹਿਲਾਂ ਤੋਂ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ’ਤੇ ਇਨ੍ਹਾਂ ਦਾ ਸਹਿਯੋਗ ਲਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਅਗੇਤੇ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ, ਤਾਂ ਜੋ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੋਈ ਮੁਸ਼ਕਿਲ ਨਾ ਆ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜਨ ਦੌਰਾਨ ਜੂਨ ਤੋਂ ਸਤੰਬਰ ਤੱਕ ਕਿਸੇ ਵੀ ਅਧਿਕਾਰੀ ਦਾ ਮੋਬਾਇਲ ਫੋਲ ਬੰਦ ਨਹੀਂ ਹੋਣਾ ਚਾਹੀਦਾ, ਬਲਕਿ 24 ਘੰਟੇ ਚਾਲੂ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਮਨਜ਼ੂਰੀ ਬਿਨਾਂ ਕੋਈ ਵੀ ਅਧਿਕਾਰੀ ਹੜ੍ਹ ਦੇ ਇਸ ਸੀਜ਼ਨ ਵਿਚ ਛੁੱਟੀ ਨਹੀਂ ਕਰੇਗਾ ਅਤੇ ਨਾ ਹੀ ਆਪਣਾ ਸਟੇਸ਼ਨ ਛੱਡੇਗਾ।
ਇਸ ਦੌਰਾਨ ਉਨ੍ਹਾਂ ਟਾਂਡਾ, ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨ ਤਹਿਤ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਲਈ ਐਸ.ਡੀ.ਐਮ ਟਾਂਡਾ, ਦਸੂਹਾ ਅਤੇ ਐਸ.ਡੀ.ਐਮ ਮੁਕੇਰੀਆਂ ਨੂੰ ਸਾਂਝੇ ਤੌਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਚੋਆਂ ਨੇੜੇ ਬੱਚੇ ਨਹਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਬੱਚਿਆਂ ਦਾ ਚੋਆਂ ਵਿਚ ਨਹਾਉਣਾ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਅਗੇਤੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤਾਂ ਵਿਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਜਿਨ੍ਹਾਂ ਸਥਾਨਾਂ ਵਿਚ ਜ਼ਿਆਦਾ ਪਾਣੀ ਆਉਂਦਾ ਹੈ, ਉਥੇ ਉਸਦੀ ਨਿਕਾਸੀ ਲਈ ਵੀ ਯੋਗ ਪ੍ਰਬੰਧ ਪਹਿਲਾਂ ਤੋਂ ਕਰ ਲਏ ਜਾਣ, ਜਿਸ ਵਿਚ ਨਗਰ ਨਿਗਮ, ਕੌਂਸਲਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਐਸ.ਡੀ.ਐਮਜ਼ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧੀਨ ਆਉਂਦੇ ਪ੍ਰਭਾਵਿਤ ਪਿੰਡਾਂ ਦੀ ਚੋਣ ਕਰਨ ਦੇ ਨਾਲ-ਨਾਲ ਦਰਿਆਵਾਂ, ਧੁੱਸੀ ਬੰਨ ਦੇ ਕਿਨਾਰਿਆਂ ਨੂੰ ਦਰੁੱਸਤ ਕਰਵਾਉਣ ਤੋਂ ਇਲਾਵਾ ਯੋਗ ਥਾਵਾਂ ਦੀ ਜਲਦੀ ਰਿਪੇਅਰ ਕਰਵਾਉਣ ਲਈ ਵੀ ਯਤਨ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ, ਤਹਿਸੀਲ ਅਤੇ ਸਬ ਤਹਿਸੀਲ ਪੱਧਰ ’ਤੇ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਫਲੱਡ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਜਾਵੇਗਾ, ਜਿਸ ਦਾ ਫੋਨ ਨੰਬਰ 01882-220412 ਹੈ।
ਕੋਮਲ ਮਿੱਤਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਸੰਭਾਵੀ ਹੜ੍ਹਾਂ ਦੌਰਾਨ ਜਿਥੇ ਡਾਕਟਰਾਂ ਦੀ ਡਿਊਟੀ ਲਗਾਈ ਜਾਵੇ, ਉਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤਾਂ ਦੌਰਾਨ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਿਸ਼ੇਸ਼ ਤੌਰ ’ਤੇ ਚੁਕੰਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕਿਸ਼ਤੀਆਂ, ਲਾਈਫ ਜੈਕਟਾਂ ਅਤੇ ਹੜ੍ਹ ਦੀ ਸਥਿਤੀ ਸਬੰਧੀ ਉਪਯੋਗ ਹੋਣ ਵਾਲੀ ਮਸ਼ੀਨਰੀ ਦੇ ਅਗੇਤੇ ਤੌਰ ’ਤੇ ਜਾਂਚ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਹੜ੍ਹ ਵਰਗੇ ਹਾਲਾਤ ਦੌਰਾਨ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਵੀ ਯੋਗ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਐਸ.ਡੀ.ਐਮਜ਼ ਨੂੰ ਸਮਾਜ ਸੇਵੀ ਅਤੇ ਸਮਾਜਿਕ ਸੰਸਥਾਵਾਂ ਦੀ ਚੋਣ ਕਰਨ ਤੋਂ ਇਲਾਵਾ ਪਿੰਡ ਵਿਚ ਮਿਹਨਤੀ ਵਿਅਕਤੀਆਂ ਦੀ ਸ਼ਨਾਖਤ ਕਰਨ ਲਈ ਕਿਹਾ, ਤਾਂ ਜੋ ਇਸ ਤਰ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਲਈ ਇਨ੍ਹਾਂ ਦਾ ਸਹਿਯੋਗ ਲਿਆ ਜਾ ਸਕੇ। ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
—