ਸੀਐਮ ਦੀ ਯੋਗਸ਼ਾਲਾ ਤਹਿਤ ਪੂਰੇ ਜ਼ਿਲ੍ਹੇ ’ਚ ਚੱਲ ਰਹੀਆਂ ਹਨ 368 ਯੋਗ ਕਲਾਸਾਂ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 16 ਜੂਨ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ ਦੀ ਯੋਗਸ਼ਾਲਾ ਦਾ ਲੋਕ ਵੱਧ ਤੋਂ ਵੱਧ ਲਾਭ ਉਠਾ ਕੇ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਨਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ।
ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਟੀਚਰਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਲੋਕ ਅੰਦੋਲਨ ਵਿਚ ਬਦਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 368 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਸ ਵਿਚ ਹੁਸ਼ਿਆਰਪੁਰ ਸ਼ਹਿਰ ਵਿਚ 118 ਯੋਗ ਕਲਾਸਾਂ ਤੋਂ ਇਲਾਵਾ ਦਸੂਹਾ, ਮੁਕੇਰੀਆਂ, ਟਾਂਡਾ, ਹਾਜੀਪੁਰ, ਤਲਵਾੜਾ, ਭੂੰਗਾ, ਹਰਿਆਣਾ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਵਿਚ ਪਾਰਕ, ਗੁਰਦੁਆਰਾ ਸਾਹਿਬ, ਮੰਦਰਾਂ ਦੇ ਵਿਹੜਿਆਂ ਵਿਚ ਯੋਗ ਦੀਆਂ ਕਰੀਬ 250 ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤਮੰਦ ਨੂੰ ਬਿਹਤਰ ਬਣਾਉਣ ਵਿਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿਚ, ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਕਰਨ ਦਾ ਇਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜ਼ਾਨਾ ਅਭਿਆਸ ਦੁਆਰਾ, ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਣ ਦੇ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇਹ ਯੋਜਨਾ ਪਿਛਲੇ ਸਾਲ ਅਪੈਲ ਮਹੀਨੇ ਵਿਚ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਵੱਖ-ਵੱਖ ਪੜਾਵਾਂ ਵਿਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਕਵਰ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰੇ ਚੁਣੇ ਗਏ ਸਥਾਨਾਂ ’ਤੇ ਜਿਵੇਂ ਕਿ ਪਾਰਕ, ਜਨਤਕ ਥਾਵਾਂ ’ਤੇ ਮੁਫ਼ਤ ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਊਂਟ ਐਵੇਨਿਊ ਹੁਸ਼ਿਆਰਪੁਰ ਵਿਚ ਗਰੁੱਪ ਲੀਡਰ ਰਮਨ ਅਤੇ ਇੰਸਟਰੱਕਟਰ ਸ਼ੁਭਮ ਸੇਮਵਾਲ ਵਲੋਂ ਰੋਜ਼ਾਨਾ ਸਵੇਰੇ 6-10 ਵਜੇ ਤੋਂ 7-10 ਵਜੇ ਤੱਕ ਯੋਗ ਕਲਾਸਾ ਲਗਾਈ ਜਾਂਦੀ ਹੈ।
ਜ਼ਿਲ੍ਹਾ ਯੋਗ ਕੋਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਪਾਸ ਯੋਗ ਕਲਾਸ ਕਰਨ ਦਾ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ, ਤਾਂ ਪੰਜਾਬ ਸਰਕਾਰ ਯੋਗ ਟਰੇਂਡ ਇੰਸਟਰੱਕਟਰ ਘਰ ਭੇਜੇਗੀ। ਜੇਕਰ ਲੋਕ ਚਾਹੁੰਣ ਤਾਂ ਉਹ ਖੁਦ ਜਾਂ ਇਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕੇਗਾ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫਰੀ ਨੰਬਰ 7669400500 ’ਤੇ ਮਿਸ ਕਾਲ ਦੇ ਸਕਦੇ ਹਨ ਜਾਂ ਫ਼ਿਰ ਸੀ.ਐਮ ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ।