ਸੀਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ‘ਚ ਚਲਾਈਆ ਜਾ ਰਹੀਆਂ ਹਨ 251 ਯੋਗ ਕਲਾਸਾਂ: ਕੋਮਲ ਮਿੱਤਲ
ਹੁਸ਼ਿਆਰਪੁਰ, 25 ਜੂਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿਚ ਇਸ ਸਮੇਂ ਕਰੀਬ 251 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਸ ਵਿਚ 7 ਹਜ਼ਾਰ ਦੇ ਕਰੀਬ ਲੋਕ ਰੋਜ਼ਾਨਾ ਯੋਗ ਦਾ ਅਭਿਆਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਸਾਰੇ 10 ਬਲਾਕ ਕਵਰ ਕੀਤੇ ਜਾ ਚੁੱਕੇ ਹਨ ਅਤੇ ਲੋਕਾਂ ਵਿਚ ਯੋਗ ਦੇ ਪ੍ਰਤੀ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸੀ.ਐਮ ਦੀ ਯੋਗਸ਼ਾਲਾ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਤੇ ਤਹਿਸੀਲ ਪੱਧਰ ‘ਤੇ ਕਰਵਾਏ ਗਏ ਸਮਾਗਮ ਦੀ ਸੰਖਿਆ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਜ਼ਿਲ੍ਹਾ ਪੂਰੇ ਸੂਬੇ ਵਿਚ ਪਹਿਲੇ ਸਥਾਨ ‘ਤੇ ਰਿਹਾ, ਜੋ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਅਧਿਆਪਕਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਅਧਿਆਪਕਾਂ ਦੀ ਸੁਵਿਧਾ ਦੇ ਕੇ ਇਸ ਨੂੰ ਲੋਕ ਅੰਦੋਲਨ ਵਿਚ ਬਦਲਿਆ ਜਾ ਸਕੇ। ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਅਭਿਆਸ ਦੇ ਰੂਪ ਵਿਚ ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਕਰਨ ਦਾ ਇਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ।
ਰੋਜ਼ਾਨਾ ਅਭਿਆਸ ਦੁਆਰਾ ਵਿਅਕਤੀ ਇਕਾਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਨ ਦੇ ਨਾਲ ਵੱਧ ਤੋਂ ਵੱਧ ਇਕਸੁਕਤਾ ਸਥਾਪਿਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇਹ ਯੋਜਨਾ ਪਿਛਲੇ ਸਾਲ ਅਪ੍ਰੈਲ ਵਿਚ ਸ਼ੁਰੂ ਹੋਈ ਸੀ, ਜਿਸ ਦੇ ਤਹਿਤ ਵੱਖ-ਵੱਖ ਪੜਾਵਾਂ ਵਿਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਕਵਰ ਕੀਤਾ ਗਿਆ ਹੈ।
ਸੀ.ਐਮ ਦੀ ਯੋਗਸ਼ਾਲਾ ਦੀ ਜ਼ਿਲ੍ਹਾ ਕੁਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਸੂਬਾ ਸਲਾਹਕਾਰ ਅਮਰੇਸ਼ ਝਾਅ ਅਤੇ ਕਮਲੇਸ਼ ਮਿਸ਼ਰਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਯੋਗ ਦੇ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਸਥਾਨ ਜਿਵੇਂ ਕਿ ਪਾਰਕਾਂ, ਜਨਤਕ ਸਥਾਨਾਂ ‘ਤੇ ਮੁਫ਼ਤ ਯੋਗ ਸਿੱਖਿਆ ਦਿੱਤੀ ਜਾ ਰਹੀ ਹੈ। ਮਾਧਵੀ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਕੋਲ ਯੋਗ ਕਲਾਸ ਕਰਨ ਦਾ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ, ਤਾਂ ਪੰਜਾਬ ਸਰਕਾਰ ਯੋਗ ਟਰੇਂਡ ਇੰਸਟਰੱਕਟਰ ਘਰ ਭੇਜੇਗੀ।
ਜੇਕਰ ਲੋਕ ਚਾਹੁੰਣ ਤਾਂ ਉਹ ਖ਼ੁਦ ਜਾਂ ਇਕ ਵਿਅਕਤੀ ਲਈ ਵੀ ਪੰਜੀਕਰਨ ਕਰ ਸਕਦੇ ਹਨ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਟੋਲ ਫਰੀ ਨੰਬਰ 7669400500 ’ਤੇ ਮਿਸ ਕਾਲ ਦੇ ਸਕਦੇ ਹਨ ਜਾਂ ਫ਼ਿਰ ਸੀ.ਐਮ ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ।