ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ
ਹੁਸ਼ਿਆਰਪੁਰ, 26 ਜੂਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀ ਇਕ ਛੱਡ ਹੇਠ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਗੇ।
ਉਹ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਜਿਆਣ ਦੇ ਕਮਿਊਨਿਟੀ ਹਾਲ ਵਿਚ ਲੱਗੇ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਹੱਲ ਕਰਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਕਈ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦਾ ਹੱਲ ਕੀਤਾ।
ਇਸ ਦੌਰਾਨ ਹਲਕਾ ਇੰਚਾਰਜ ਅਤੇ ਪੰਜਾਬ ਅਨੁਸੂਚਿਤ ਜਾਤੀ ਅਤੇ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਅਤੇ ਡਾ. ਜਤਿੰਦਰ ਨੇ ਵੀ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ, ਜਿਸ ਲਈ ਸਰਕਾਰੀ ਵਿਭਾਗ ਖੁਦ ਚੱਲ ਕੇ ਲੋਕਾਂ ਤੱਕ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ, ਜਿਸ ਲਈ ਪੂਰੇ ਸੂਬੇ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਦਾ ਆਯੋਜਨ ਹੋ ਰਿਹਾ ਹੈ।
ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਲੋਕਾਂ ਦੇ ਸਰਕਾਰੀ ਸੇਵਾਵਾਂ ਸਬੰਧੀ ਕੰਮ ਇਨ੍ਹਾਂ ਕੈਂਪਾਂ ਵਿਚ ਨਿਪਟਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੱਜ ਲੱਗੇ ਕੈਂਪ ਵਿਚ ਲੋਕਾਂ ਨੂੰ ਮਗਨਰੇਗਾ, ਵਾਟਰ ਸਪਲਾਈ ਅਤੇ ਸੀਵਰੇਜ, ਖੁਰਾਕ ਅਤੇ ਸਪਲਾਈ ਵਿਭਾਗ, ਖੇਤੀਬਾੜੀ ਵਿਭਾਗ, ਬਲਾਕ ਤੇ ਪੰਚਾਇਤ ਵਿਭਾਗ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗਜਨ ਅਤੇ ਆਸ਼ਰਿਤ ਪੈਨਸ਼ਨਰ, ਉਸਾਰੀ ਕਿਰਤੀਆਂ ਨਾਲ ਸਬੰਧੀ ਲਾਭਪਾਤਰੀ, ਮਾਲ ਵਿਭਾਗ ਨਾਲ ਸਬੰਧੀ ਰਿਕਾਰਡ ਦੀ ਪੜਤਾਲ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਸਿਹਤ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੈਂਡਿੰਗ ਸਮੱਸਿਆਵਾਂ ਦਾ ਸਬੰਧਤ ਵਿਭਾਗ ਵੱਲੋਂ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਤਰੁਣ ਅਰੋੜਾ, ਸਰਪੰਚ ਪਰਮਜੀਤ ਕੌਰ, ਪੰਚ ਹਰਦੀਪ ਕੌਰ, ਹਰਬੰਸ ਕੌਰ, ਸਤਵਿੰਦਰ ਸਿੰਘ ਨੰਬਰਦਾਰ, ਸੁਰਜੀਤ ਸਿੰਘ ਨੰਬਰਦਾਰ, ਅਮਨਦੀਪ ਕੌਰ ਵੀ ਮੌਜੂਦ ਸਨ।