ਨਸ਼ਿਆਂ ਨੂੰ ‘ਨਾਂਹ’ ਕਹਿਣਾ ਹੀ ਇਸ ਦਲਦਲ ਵਿੱਚੋਂ ਨਿਕਲਣ ਦਾ ਗੁਰ ਮੰਤਰ: ਡੀ ਐਮ ਸੀ ਡਾ. ਹਰਬੰਸ ਕੌਰ
ਹੁਸ਼ਿਆਰਪੁਰ 26 ਜੂਨ 2024: ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ. ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ,ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਮ.ਸੀ.ਡਾ.ਹਰਬੰਸ ਕੌਰ ਦੀ ਯੋਗ ਅਗਵਾਈ ਹੇਠ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦੇ ਜਨਰਲ ਮੈਨੇਜਰ ਸ੍ਰੀ ਰਾਜੇਸ਼ ਬਲਸੋਤਰਾ ਜੀ ਦੇ ਸਹਿਯੋਗ ਨਾਲ ਵੇਰਕਾ ਮਿਲਕ ਪਲਾਂਟ ਦੇ ਮੁਲਾਜ਼ਮਾਂ ਲਈ ਇਕ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਡੀਐਮਸੀ ਡਾ. ਹਰਬੰਸ ਕੌਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਿਰਫ ਇੱਕ ਬੰਦੇ ਦਾ ਹੀ ਨਹੀਂ ਸਗੋਂ ਸਾਰੇ ਪਰਿਵਾਰ ਦਾ ਜੀਵਨ ਬਰਬਾਦ ਕਰ ਦਿੰਦਾ ਹੈ। ਇਹ ਇੱਕ ਮਾਨਸਿਕ ਬੀਮਾਰੀ ਹੈ ਜਿਸ ਨੂੰ ਸਹੀ ਇਲਾਜ ਨਾਲ ਹਮੇਸ਼ਾ ਲਈ ਛੱਡਿਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਨਸ਼ਿਆਂ ਨੂੰ ‘ਨਾਂਹ’ ਕਹਿਣਾ ਹੀ ਇਸ ਦਲਦਲ ਵਿੱਚੋਂ ਨਿਕਲਣ ਦਾ ਗੁਰ ਮੰਤਰ ਹੈ
ਡਿਪਟੀ ਮਾਸ ਮੀਡੀਆ ਅਫ਼ਸਰ ਡਾ.ਤ੍ਰਿਪਤਾ ਦੇਵੀ ਨੇ ਕਿਹਾ ਕਿ ਸਮਾਜ ਨੂੰ ਨਸ਼ੇ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਸਾਂਝੇ ਤੌਰ ਉਪਰਾਲਿਆਂ ਦੀ ਲੋੜ ਹੈ,ਤਾਂ ਕਿ ਅਸੀਂ ਆਪਣੀ ਅਗਲੀ ਪੀੜ੍ਹੀ ਨੂੰ ਬਚਾ ਸਕੀਏ। ਤੇ ਉਹਨਾਂ ਨੂੰ ਦਸ ਸਕੀਏ ਕਿ ਜਿੰਦਗੀ ਬਹੁਤ ਕੀਮਤੀ ਹੈ ਇਸਨੂੰ ਨਸ਼ਿਆਂ ਵਿੱਚ ਨਾ ਰੋਲੀਏ। ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
ਇਸ ਮੌਕੇ ਡਾ ਸੁਖਪ੍ਰੀਤ ਕੌਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਇਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਭਵਿੱਖਤ ਪੀੜੀ ਨੂੰ ਨਸ਼ਿਆਂ ਤੋਂ ਸੁਰੱਖਿਅਤ ਰੱਖਣ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣਾ ਪਵੇਗਾ।ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦੀ ਮੈਨੇਜਰ ਸ੍ਰੀਮਤੀ ਨਿਸ਼ਾ ਰਾਣੀ ਨੇ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਤਹਿਤ ਸਰਕਾਰੀ ਤੌਰ ਤੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਜ਼ਿਲੇ ਵਿਚ ਨਸ਼ਾ ਛੁਡਾਊ ਕੇਂਦਰ , ਓਟ ਕਲੀਨਿਕ ਅਤੇ ਮੁੜ ਵਸੇਬਾ ਕੇਂਦਰ ਚਲਾਏ ਜਾ ਰਹੇ ਹਨ ਜਿੱਥੇ ਸਾਰਾ ਇਲਾਜ਼ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਤੇ ਮਰੀਜ਼ ਅਤੇ ਉਸ ਦੇ ਪਰਿਵਾਰ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ ।
ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਨੇ ਕਿਹਾ ਕਿ ਨੌਜਵਾਨ ਪੀੜੀ ਲਚਰਤਾ, ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਦਲਦਲ ਵਿੱਚ ਫੱਸਦੀ ਜਾ ਰਹੀ ਹੈ। ਜਿਸਦੇ ਨਾਲ ਸਿਹਤ ਅਤੇ ਹੋਰ ਸਮਾਜਿਕ ਕਦਰਾਂ ਕੀਮਤਾ ’ਚ ਗਿਰਾਵਟ ਆ ਰਹੀ ਹੈ। ਇਸ ਜਾਗਰੂਕਤਾ ਕੈਂਪ ਵਿਚ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਮਨਦੀਪ ਸਿੰਘ ਇੰਜ: ਗੌਰਵ ਸ਼ਰਮਾ, ਐਮ ਐਮ ਪੀ ਨਵਤੇਜ ਸਿੰਘ ਰਿਆੜ , ਕਾਊਂਸਲਰ ਰਾਜਵਿੰਦਰ ਕੌਰ ਅਤੇ ਤਵਿੰਦਰ ਕੌਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਕਾਊਂਸੱਲਰ ਪ੍ਰਸ਼ਾਂਤ ਆਦੀਆ ਵੱਲੋਂ ਹਾਜ਼ਰੀਨ ਨੂੰ ਨਸ਼ਾ ਮੁਕਤ ਜੀਵਨ ਬਿਤਾਉਣ ਦੀ ਸਹੁੰ ਵੀ ਚੁਕਾਈ ਗਈ ।