ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਸਥਾਪਿਤ ਕੀਤਾ ਗਿਆ ਸਵਾਗਤ ਤੇ ਸਹਾਇਤਾ ਕੇਂਦਰ: ਡੀ. ਸੀ
ਹੁਸ਼ਿਆਰਪੁਰ, 27 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ’ਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਪਾਰਦਰਸ਼ੀ ਤਰੀਕੇ ਨਾਲ ਤੈਅ ਸਮੇਂ ਵਿਚ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਸਵਾਗਤ ਅਤੇ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੇਵਾ ਕੇਂਦਰ ਵਿਚ ਬਣੇ ਸਵਾਗਤ ਅਤੇ ਸਹਾਇਤਾ ਕੇਂਦਰ ਦਾ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੀ ਸਰਕਾਰੀ ਸੁਵਿਧਾਵਾਂ/ਪ੍ਰਸ਼ਾਸਨ ਕੰਮ ਕਰਵਾਉਣ ਵਿਚ ਮਦਦ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੰਬੇ ਸਮੇਂ ਤੱਕ ਇੰਤਜ਼ਾਰ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਦਾਨ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਕੰਮ ਹੈ, ਇਸ ਲਈ ਸਾਰੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਦਫ਼ਤਰਾਂ ਵਿਚ ਸਾਰੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ।
ਕੋਮਲ ਮਿੱਤਲ ਨੇ ਦੱਸਿਆ ਕਿ ਇਹ ਰਿਸੈਪਸ਼ਨ-ਕਮ-ਹੈਲਪ ਡੈਸਕ ਸੈਂਟਰ ਸਾਰੇ ਕੰਮਕਾਜ਼ੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਡੈਸਕ ’ਤੇ ਕੰਮ ਲਈ ਆਉਣ ਵਾਲੇ ਲੋਕਾਂ ਦੀ ਗੱਲ ਸੁਣ ਕੇ ਉਨ੍ਹਾਂ ਨੂੰ ਸਬੰਧਤ ਦਫ਼ਤਰ ਵਿਚ ਜਾਣ ਲਈ ਸਹਿਯੋਗ ਕੀਤਾ ਜਾਵੇਗਾ।
ਡੈਸਕ ਟੀਮ ਦੇ ਮੈਂਬਰ ਆਮ ਜਨਤਾ ਨੂੰ ਅਫ਼ਸਰ ਦਾ ਨਾਮ ਅਤੇ ਦਫ਼ਤਰ ਕਿਸ ਮੰਜ਼ਿਲ ’ਤੇ ਸਥਿਤ ਹੈ, ਉਸ ਦੀ ਵੀ ਜਾਣਕਾਰੀ ਦੇਣਗੇ, ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਨਾ ਹੋਵੇ ਅਤੇ ਉਹ ਸਬੰਧਤ ਦਫ਼ਤਰ ਦੀ ਤਲਾਸ਼ ਵਿਚ ਇਧਰ-ਉਧਰ ਨਾ ਜਾਣ।