ਸਿੰਗਲ ਯੂਜ਼ ਪਲਾਸਟਿਕ ਦੇ ਬਣੇ ਲਿਫਾਫ਼ਿਆਂ ਦੀ ਵਰਤੋਂ ਕਰਨ ’ਤੇ ਹੋਵੇਗੀ ਕਾਰਵਾਈ : ਡਾ. ਅਮਨਦੀਪ ਕੌਰ
ਹੁਸ਼ਿਆਰਪੁਰ, 28 ਜੂਨ : ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਪੁਖਤਾ ਕਰਨ ਲਈ ਨਗਰ ਨਿਗਮ ਦੀਆਂ ਚਾਰ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੇ ਬਣੇ ਲਿਫਾਫਿਆਂ ਦੀ ਵਰਤੋਂ ਅਤੇ ਵਿਕਰੀ ਕਰਨ ਵਾਲਿਆਂ ਖਿਲਾਫ਼ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦੇ ਹੋਏ ਚਲਾਨ ਜਾਰੀ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਗਠਿਤ ਟੀਮਾਂ ਵੱਲੋਂ ਸ਼ਹਿਰ ਵਿਚ ਲੱਗਭਗ ਦੋ ਕੁਇੰਟਲ ਸਿੰਗਲ ਯੂਜ਼ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਹਨ ਅਤੇ ਦੋ ਚਲਾਨ ਵੀ ਜਾਰੀ ਕੀਤੇ ਗਏ , ਜਿਸ ਤਹਿਤ ਉਨ੍ਹਾਂ ਕੋਲੋਂ ਜ਼ੁਰਮਾਨਾ ਵੀ ਵਸੂਲਿਆ ਜਾਵੇਗਾ।
ਕਮਿਸ਼ਨਰ ਨਗਰ ਨਿਗਮ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਨਗਰ ਨਿਗਮ ਵੱਲੋਂ ਸ਼ੁਰੂ ਕੀਤੇ ਗਏ ਉਪਰਾਲੇ ਵਿਚ ਵੱਧ-ਚੜ੍ਹ ਕੇ ਸਹਿਯੋਗ ਕਰਨ ਅਤੇ ਆਪਣੇ ਸ਼ਹਿਰ ਨੂੰ ਸਾਫ-ਅਤੇ ਸਵੱਛ ਰੱਖਣ ਵਿਚ ਯੋਗਦਾਨ ਦੇਣ।