ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ . : ਕੋਮਲ ਮਿੱਤਲ
ਹੁਸ਼ਿਆਰਪੁਰ, 3 ਜੁਲਾਈ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਪਿੰਡ ਤੱਖਣੀ, ਬੱਸੀ ਵਾਹਿਦ ਦੇ ਨਾਲ ਪੈਂਦੇ ਮਹਿੰਗਰੋਵਾਲ ਚੋਅ ਅਤੇ ਪਿੰਡ ਭਾਗੋਵਾਲ ਦੇ ਕਾਜ਼ਵੇਅ ਦਾ ਨਿਰੀਖਣ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਉਨ੍ਹਾਂ ਥਾਵਾਂ ਦਾ ਨਿਰੀਖਣ ਕੀਤਾ, ਜਿਥੇ ਪਿਛਲੇ ਸਾਲ ਪਾਣੀ ਆ ਗਿਆ ਸੀ। ਉਨ੍ਹਾਂ ਕਿਹਾ ਕਿ ਦੌਰੇ ਦਾ ਉਦੇਸ਼ ਇਨ੍ਹਾਂ ਥਾਵਾਂ ’ਤੇ ਹੜ੍ਹ ਸੁਰੱਖਿਆ ਕੰਮਾਂ ਨੂੰ ਹੋਰ ਪੁਖਤਾ ਢੰਗ ਨਾਲ ਕਰਵਾਉਣਾ ਹੈ, ਤਾਂ ਜੋ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਇਸ ਦੌਰਾਨ ਲੋਕ ਨਿਰਮਾਣ, ਡਰੇਨੇਜ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਣੀ ਦੇ ਕਾਰਨ ਨੁਕਸਾਨੇ ਕਾਜ਼ਵੇਅ ਦੀ ਸੁਰੱਖਿਆ ਨੂੰ ਲੈ ਕੇ ਤੁਰੰਤ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹਾਂ ਤੋਂ ਲੋਕਾਂ ਨੂੰ ਰਾਹਤ ਦਿਵਾਉਣ ਲਈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਜਾਰੀ ਹਨ, ਉਥੇ ਹੜ੍ਹ ਦੇ ਪਾਣੀ ਤੋਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਬਚਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਪਿੰਡ ਬੱਸੀ ਵਾਹਿਦ ਦੇ ਨਾਲ ਲੱਗਦੇ ਮਹਿੰਗਰੋਵਾਲ ਚੋਅ ਵਿਚ ਹੜ੍ਹ ਸੁਰੱਖਿਆ ਕੰਮਾਂ ਦਾ ਨਿਰੀਖਣ ਕਰਦੇ ਹਏ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਹੜ੍ਹ ਦਾ ਪਾਣੀ ਪਿੰਡ ਵਿਚ ਪ੍ਰਵੇਸ਼ ਨਾ ਕਰੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਆਪਣੇ ਉਪ ਮੰਡਲਾਂ ਵਿਚ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਹੜ੍ਹ ਰੋਕੂ ਕੰਮਾਂ ਨੂੰ ਪੂਰੀ ਗੰਭੀਰਤਾ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਐਸ.ਡੀ.ਐਮਜ਼ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ।
ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ, ਚੋਆਂ ਅਤੇ ਚੇਠਲੇ ਇਲਾਕਿਆਂ ਤੋਂ ਦੂਰ ਰਹਿਣ। ਉਨ੍ਹਾਂ ਗੁੱਜਰ ਭਾਈਚਾਰੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਆਦਿ ਨੂੰ ਇਨ੍ਹਾਂ ਖੇਤਰਾਂ ਤੋਂ ਦੂਰ ਰੱਖਣ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਕਾਰਨ ਚੋਅ ਅਤੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਕਾਫੀ ਵੱਧ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਕੁਝ ਲੋਕ ਚੋਆਂ ਅਤੇ ਦਰਿਆਵਾਂ ਵਿਚ ਨਹਾਉਂਦੇ ਹਨ ਅਤੇ ਹੋਰ ਕਈ ਤਰ੍ਹਾਂ ਦੇ ਕੰਮ, ਜਿਵੇਂ ਕਿ ਪਸ਼ੂਆਂ ਆਦਿ ਨੂੰ ਨਹਾਉਣ ਲਈ ਲੈ ਜਾਂਦੇ ਹਨ ਅਤੇ ਇਕੱਠੇ ਹੋ ਕੇ ਚੱਲਦਾ ਪਾਣੀ ਦੇਖਣ ਅਤੇ ਵੀਡੀਓ ਬਣਾਉਣ ਚਲੇ ਜਾਂਦੇ ਹਨ, ਜਿਸ ਕਾਰਨ ਕਈ ਵਾਰ ਅਨਹੋਣੀ ਘਟਨਾ ਵਾਪਰ ਜਾਂਦੀ ਹੈ। ਉਨ੍ਹਾਂ ਐਸ.ਡੀ.ਐਮਜ਼ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਭਾਵਿਤ ਪਿੰਡਾਂ ਦੀ ਚੋਣ ਕਰਨ ਦੇ ਨਾਲ-ਨਾਲ ਦਰਿਆਵਾਂ/ਧੁੱਸੀ ਬੰਨ੍ਹਾਂ ਦਾ ਤੁਰੰਤ ਜਾਇਜ਼ਾ ਲੈਣ। ਇਸ ਮੌਕੇ ਐਕਸੀਅਨ ਡਰੇਨੇਜ ਦਮਨਦੀਪ ਸਿੰਘ, ਐਸ.ਡੀ.ਓ ਡਰੇਨੇਜ ਕਰਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।