ਕੈਬਨਿਟ ਮੰਤਰੀ ਨੇ ਗੌਤਮ ਨਗਰ ਵੈਲਫੇਅਰ ਸੁਸਾਇਟੀ ਨੂੰ ਦਿੱਤਾ 2 ਲੱਖ ਦੀ ਗ੍ਰਾਂਟ ਦਾ ਚੈੱਕ
ਹੁਸ਼ਿਆਰਪੁਰ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਲਈ ਵੱਖ-ਵੱਖ ਸੰਸਥਾਵਾਂ ਅਤੇ ਸੁਸਾਇਟੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਗ੍ਰਾਂਟਾਂ ਤਹਿਤ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਵਾਰਡ ਨੰਬਰ 4 ਦੀ ਗੌਤਮ ਨਗਰ ਵੈਲਫੇਅਰ ਸੁਸਾਇਟੀ ਨੂੰ 2 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦਾ ਚੈੱਕ ਸੌਂਪਿਆ।
ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸੋਸੀਏਸ਼ਨ ਮੁਹੱਲੇ ਦੇ ਵਿਕਾਸ ਵਿਚ ਬਹੁਤ ਵਧੀਆ ਯੋਗਦਾਨ ਦੇ ਰਹੀ ਹੈ ਅਤੇ ਭਗਵਾਨ ਪਰਸ਼ੂਰਾਮ ਜੀ ਪਾਰਕ ਦੀ ਵੀ ਚੰਗੀ ਤਰ੍ਹਾਂ ਨਾਲ ਦੇਖ-ਭਾਲ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਲਾਈ ਕੰਮਾਂ ਵਿਚ ਲੱਗੀਆਂ ਸਭਾਵਾਂ, ਸੁਸਾਇਟੀਆਂ ਅਤੇ ਸੰਸਥਾਵਾਂ ਨੂੰ ਲੋੜ ਪੈਣ ‘ਤੇ ਪੰਜਾਬ ਸਰਕਾਰ ਵੱਲੋਂ ਭਵਿੱਖ ਵਿਚ ਵੀ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਹੋਰ ਭਲਾਈ ਕੰਮਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਹ ਕੰਮ ਜੰਗੀ ਪੱਧਰ ‘ਤੇ ਜਾਰੀ ਰਹਿਣਗੇ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਲਾਕੇ ਵਿਚ ਵਿਕਾਸ ਕਾਰਜ ਵੀ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਯੋਜਨਾਬੱਧ ਤਰੀਕੇ ਨਾਲ ਵਿਕਾਸ ਕਰਵਾ ਰਹੀ ਹੈ, ਜਿਸ ਦੇ ਚੱਲਦੇ ਹਰ ਖੇਤਰ ਦੀ ਨੁਹਾਰ ਬਦਲੀ ਜਾ ਰਹੀ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਦੀਆਂ ਮੁੱਖ ਮੰਗਾਂ ਦਾ ਪੜਾਅਵਾਰ ਤਰੀਕੇ ਨਾਲ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਗੌਤਮ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਸ਼ਰਮਾ, ਵਰਿੰਦਰ ਵੈਦ, ਸੁਮੇਸ਼ ਸੈਣੀ, ਸਤੀਸ਼ ਪੁਰੀ, ਰਾਕੇਸ਼ ਸਾਹਨੀ, ਪੀ.ਪੀ ਸ਼ਰਮਾ, ਆਰ.ਕੇ ਕੋਹਲੀ, ਰਜਿੰਦਰ ਮਲਹੋਤਰਾ, ਸਤਪਾਲ ਬਰਗਾ, ਹੰਸਰਾਜ ਸ਼ਰਮਾ, ਕੇ.ਸੀ ਸ਼ਰਮਾ, ਗੁਰਮੇਲ ਰਾਮ, ਸੰਜੇ ਗੁਪਤਾ, ਨਰੇਸ਼ ਸਾਬਾ, ਸਤੀਸ਼ ਸ਼ਰਮਾ, ਸ਼ੁਭਮ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।