ਕੈਬਨਿਟ ਮੰਤਰੀ ਜਿੰਪਾ ਨੇ ਫੂਡ ਸਟਰੀਟ ’ਚ ਵਣ ਮਹਾਉਤਸਵ ਦੌਰਾਨ ਵੰਡੇ ਮੁਫ਼ਤ ਪੌਦੇ
ਹੁਸ਼ਿਆਰਪੁਰ, 16 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਫੂਡ ਸਟਰੀਟ ਹੁਸ਼ਿਆਰਪੁਰ ਵਿਚ ਵਣ ਮਹਾਉਤਸਵ ਦੌਰਾਨ ਲੋਕਾਂ ਨੂੰ ਮੁਫ਼ਤ ਪੌਦੇ ਵੰਡੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਮਾਨਸੂਨ ਸੀਜ਼ਨ ਵਿਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਵਾਤਾਵਰਨ ਮਿਲ ਸਕੇ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਡੀ.ਐਫ.ਓ ਨਲਿਨ ਯਾਦਵ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਵਿਚ ਸਭ ਤੋਂ ਵੱਧ ਪੌਦੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਲ੍ਹੇ ਦਾ ਟੀਚਾ 20 ਲੱਖ ਪੋਦਿਆਂ ਦਾ ਸੀ, ਜਿਸ ਨੂੰ ਵਧਾ ਕੇ 38 ਲੱਖ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਦਾ ਉਦੇਸ਼ ਜਿਥੇ ਲੋਕਾਂ ਨੂੰ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ, ਉਥੇ ਲੋਕਾਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਵੀ ਕਰਨਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਪੌਦੇ ਵੰਡਦੇ ਹੋਏ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਤਨ-ਮਨ ਨਾਲ ਯਤਨ ਕਰਨ ਦੀ ਲੋੜ ਹੈ, ਜਿਸ ਨਾਲ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਦੇ ਸਕਦੇ ਹਾਂ।
ਇਸ ਮੌਕੇ ਰੇਂਜ ਅਫ਼ਸਰ ਤਜਿੰਦਰ ਸਿੰਘ, ਸਤਵੰਤ ਸਿੰਘ ਸਿਆਣ, ਕੌਂਸਲਰ ਪ੍ਰਦੀਪ ਬਿੱਟੂ, ਪ੍ਰੋ: ਬਹਾਦਰ ਸਿੰਘ ਸੁਨੇਤ, ਮਨੀ ਗੋਗੀਆ, ਚੰਦਨ ਲੱਕੀ, ਜਸਵੀਰ ਸਿੰਘ, ਵਰਿੰਦਰ ਵੈਦ ਅਤੇ ਕੁਲਦੀਪ ਭਾਰਦਵਾਜ ਤੋਂ ਇਲਾਵਾ ਹੋਰ ਵੀ ਮੌਜੂਦ ਸਨ।