ਸ਼ਹਿਰ ਦੇ ਵਾਰਡਾਂ ਦੀ ਮੰਗ ਅਨੁਸਾਰ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 21 ਜੁਲਾਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮਕਸਦ ਨੂੰ ਲੈ ਕੇ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ ਅਤੇ ਵਾਰਡਾਂ ਦੀ ਮੰਗ ਅਨੁਸਾਰ ਉਥੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹਨ।
ਉਹ ਵਾਰਡ ਨੰਬਰ 31 ਅਤੇ 42 ਲਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਦੌਰਾਨ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਚੱਲਦਿਆਂ ਸੂਬੇ ਵਿਚ ਸਾਰੇ ਪੈਡਿੰਗ ਕਾਰਜ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਗਏ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਵਿਚ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਣੀ ਦੀ ਦੁਰਵਰਤੋਂ ਨਾ ਕਰਨ ਅਤੇ ਇਸ ਨੂੰ ਵਿਅਰਥ ਨਾ ਬਹਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਵੀ ਸਾਡੀ ਪਹਿਲਕਦਮੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਦੇ ਯਤਨਾਂ ਨਾਲ ਜਲ ਸਪਲਾਈ ਵਿਭਾਗ ਵਲੋਂ ਇਹ ਟਿਊਬਵੈਲ ਲਗਾਇਆ ਜਾ ਰਿਹਾ ਹੈ, ਜਿਸ ਦਾ ਫਾਇਦਾ ਇਹ ਹੈ ਕਿ ਬੋਰ ਦੀ ਗਹਿਰਾਈ ਦੇ ਨਾਲ-ਨਾਲ ਪਾਣੀ ਦੀ ਜਾਂਚ ਵੀ ਹੋ ਰਹੀ ਹੈ, ਕਿਉਂਕਿ ਜਲ ਸਪਲਾਈ ਵਿਭਾਗ ਪਾਸ ਪਾਣੀ ਦੀ ਜਾਂਚ ਕਰਨ ਲਈ ਬਹੁਤ ਵਧੀਆ ਲੈਬ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਨੂੰ ਜਲ ਸਪਲਾਈ ਤੇ ਸਿੰਚਾਈ ਦੇ ਟਿਊਬਵੈਲ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਹੁਸਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈਲ ਵੀ ਲਗਾਏ ਗਏ ਹਨ।
ਇਸ ਮੌਕੇ ਕੌਂਸਲਰ ਮੋਨਿਕਾ ਕਤਨਾ, ਕੌਂਸਲਰ ਧਪਨ ਸੈਣੀ, ਬਲਵਿੰਦਰ ਕਤਨਾ, ਸਤਪਾਲ, ਜੈ ਰਾਮ, ਸੰਜੀਵ, ਸੁਰਜੀਤ ਰਾਏ, ਮੋਹਨ ਲਾਲ, ਰਾਜ ਕੁਮਾਰ, ਵਿੱਕੀ, ਮਾਣਿਕ ਆਨੰਦ, ਆਸ਼ੂ ਆਨੰਦ, ਵੀ ਕੇ ਪਰਾਸ਼ਰ, ਡਾ. ਮੰਡਿਆਲ, ਨੀਤਾ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ।