ਸੈਨਿਕ ਭਲਾਈ ਵਿਭਾਗ ਵੱਲੋਂ ਕਾਰਗਿਲ ਵਿਜੇ ਦਿਵਸ ਦੀ ਮਨਾਈ ਜਾਵੇਗੀ ਸਿਲਵਰ ਜੁਬਲੀ
ਹੁਸ਼ਿਆਰਪੁਰ, 25/7/24: ਸੈਨਿਕ ਭਲਾਈ ਵਿਭਾਗ, ਹੁਸ਼ਿਆਰਪੁਰ ਅਤੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਾਂਝੇ ਤੌਰ ‘ਤੇ ਕੱਲ੍ਹ ਸਥਾਨਕ ਸੈਨਿਕ ਭਲਾਈ ਵਿਭਾਗ, ਕੋਰਟ ਰੋਡ ਵਿਖੇ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਮਨਾਉਣ ਲਈ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਅੱਜ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਦੇ ਜ਼ਿਲ੍ਹਾ ਰੱਖਿਆ ਭਲਾਈ ਅਫ਼ਸਰ ਵਿੰਗ ਕਮਾਂਡਰ ਗੁਰਪ੍ਰੀਤ ਸਿੰਘ (ਸੇਵਾਮੁਕਤ) ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਹੁਸ਼ਿਆਰਪੁਰ ਤੋਂ ਇਲਾਵਾ ਚਾਰ ਹੋਰ ਜ਼ਿਲ੍ਹਿਆਂ ਜਲੰਧਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੋਪੜ ਤੋਂ ਸਾਬਕਾ ਸੈਨਿਕਾਂ ਸਮੇਤ 100 ਦੇ ਕਰੀਬ ਮਹਿਮਾਨ ਭਾਗ ਲੈ ਰਹੇ ਹਨ। ਇਨ੍ਹਾਂ ਵਿੱਚ ਹੁਸ਼ਿਆਰਪੁਰ ਤੋਂ 12 ਵੀਰ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹਨ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਵੀਰ ਨਾਰੀਆਂ, ਦਿਵਿਯਾਂਗਾਂ ਅਤੇ ਸਾਬਕਾ ਸੈਨਿਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਪ੍ਰੋਗਰਾਮ ਕੱਲ੍ਹ ਸਵੇਰੇ 10 ਵਜੇ ਸਾਰੇ ਸੱਦੇ ਗਏ ਮਹਿਮਾਨਾਂ ਅਤੇ ਆਮ ਲੋਕਾਂ ਲਈ ਸ਼ੁਰੂ ਹੋਵੇਗਾ। ਕਾਰਗਿਲ ਯੁੱਧ ਦੌਰਾਨ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਜੰਗੀ ਯਾਦਗਾਰ ‘ਤੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਸੀਬੀਸੀ ਦੇ ਫੀਲਡ ਪਬਲੀਸਿਟੀ ਅਫਸਰ ਰਾਜੇਸ਼ ਬਾਲੀ ਨੇ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਕੱਲ੍ਹ ਵਿਜੇ ਦਿਵਸ ‘ਤੇ ਸੈਨਿਕ ਵੈਲਫੇਅਰ ਦਫਤਰ ਦੇ ਸ਼ਹੀਦ ਹਾਲ ਵਿੱਚ ਇੱਕ ਦਿਨਾਂ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕਰ ਰਿਹਾ ਹੈ, ਜਿਸ ਵਿੱਚ ਕਾਰਗਿਲ ਜੰਗ ਵਿੱਚ ਸਾਡੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਨੇ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਦੇ ਮੌਕੇ ‘ਤੇ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਬੈਜ ਵੀ ਪ੍ਰਦਰਸ਼ਿਤ ਕੀਤਾ ਜੋ ਭਲਕੇ ਸਾਰੇ ਵੀਰਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਭੇਂਟ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰੀ ਸੰਚਾਰ ਬਿਊਰੋ ਵੱਲੋਂ ਭਾਰਤ ਭਰ ਵਿੱਚ ਕਈ ਥਾਵਾਂ ‘ਤੇ ਅਜਿਹੀਆਂ ਫੋਟੋ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ ਉਨ੍ਹਾਂ ਸਾਰੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਸਾਡੇ ਪਿਆਰੇ ਦੇਸ਼ ਦੀ ‘ਆਨ, ਬਾਨ ਅਤੇ ਸ਼ਾਨ’ ਨੂੰ ਕਾਇਮ ਰੱਖਣ ਲਈ ਬਹਾਦਰੀ ਦਾ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨੀ ਹਰ ਕਿਸੇ ਨੂੰ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗੀ।