ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਕੋਰਟ ਕੰਪਲੈਕਸ ’ਚ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 31 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਭਰ ਵਿਚ 1 ਜੁਲਾਈ ਤੋਂ 30 ਸਤੰਬਰ ਤੱਕ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿਚ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਨਵੇਂ ਜ਼ਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸ਼ੀਮਾਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੌਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਰਮਜੀਤ ਸਿੰਘ ਸੁੱਲਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੀਰਾ ਲਾਲ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕ੍ਰਿਸ਼ਨ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਲਵਿੰਦਰਜੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ) ਮਨਪ੍ਰੀਤ ਕੌਰ, ਸੀ.ਜੇ.ਐਮ ਪ੍ਰਭਜੋਤ ਸਿੰਘ ਕਾਲੇਕਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ) ਪ੍ਰਭਜੋਤ ਕੌਰ ਅਤੇ ਹੋਰ ਜੁਡੀਸ਼ੀਅਲ ਅਫ਼ਸਰ ਵੀ ਮੌਜੂਦ ਸਨ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅਤੇ ਸੰਤੁਲਨ ਨੂੰ ਬਣਾਏ ਰੱਖਣ ਲਈ ਪੌਦੇ ਲਗਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੌਦੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ ਅਤੇ ਆਕਸੀਜਨ ਦਿੰਦੇ ਹਨ, ਜੋ ਕਿ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਕੁਦਰਤੀ ਸਰੋਤ ਹੈ। ਉਨ੍ਹਾਂ ਕਿਹਾ ਕਿ ਪੌਦੇ ਸਾਨੂੰ ਜੀਵਨਦਾਨ ਦੇਣ ਦੇ ਨਾਲ-ਨਾਲ ਗਰਮੀ ਤੋਂ ਵੀ ਬਚਾਉਂਦੇ ਹਨ। ਇਸ ਲਈ ਹਰ ਕਿਸੇ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪੌਦੇ ਲਗਾਉਣੇ ਚਾਹੀਦੇ ਹਨ। ਇਸ ਦੌਰਾਨ ਜੁਡੀਸ਼ੀਅਲ ਅਧਿਕਾਰੀਆਂ ਵਲੋਂ ਵੀ ਪੌਦੇ ਲਗਾਏ ਗਏ।
ਜਿਕਰਯੋਗ ਹੈ ਕਿ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੱਲੋਂ ਪੀ.ਐਲ.ਵੀਜ਼ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਇਕ-ਇਕ ਪੀ.ਐਲ.ਵੀ ਨੂੰ ਪੰਜ-ਪੰਜ ਪੌਦੇ ਦਿੱਤੇ ਗਏ ਅਤੇ ਨਾਲ ਹੀ ਉਚਿਤ ਸਥਾਨ ’ਤੇ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ।
—