ਲੋਕਾਂ ਦਾ ਇਕ-ਇਕ ਪੈਸਾ ਵਿਕਾਸ ਕਾਰਜਾਂ ਲਈ ਖਰਚਿਆ ਜਾਵੇਗਾ : ਕਰਮਜੀਤ ਕੌਰ
ਮੁਕੇਰੀਆਂ/ਹੁਸ਼ਿਆਰਪੁਰ, 9 ਅਗਸਤ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮੁਕੇਰੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਾਲ 2021-22 ਅਤੇ 2022-23 ਵਿਚ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਅਨਟਾਇਡ ਫੰਡ ਕੰਢੀ ਏਰੀਆ ਪ੍ਰੋਗਰਾਮ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਚੇਅਰਪਰਸਨ ਕਰਮਜੀਤ ਕੌਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਅਤੇ ਪੰਚਾਇਤ ਸਕੱਤਰ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟ (ਯੂ.ਸੀ) ਅਤੇ ਅਦਾਇਗੀ ਬਿੱਲ (ਡੀ.ਸੀ) ਜਲਦੀ ਤੋਂ ਜਲਦੀ ਭੇਜੇ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਖਰਚ ਨਾ ਕੀਤੀ ਗਈ ਰਾਸ਼ੀ ਨੂੰ ਜਲਦ ਤੋਂ ਜਲਦ ਵਾਪਸ ਮੋੜਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਨੂੰ ਹੋਰ ਜ਼ਰੂਰੀ ਕੰਮਾਂ ਲਈ ਵਰਤਿਆ ਜਾ ਸਕੇ।
ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਜਲਦੀ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਦਾ ਟੀਚਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਕੀਤੀ ਜਾਵੇਗੀ ਅਤੇ ਇਸ ਨੂੰ ਵਿਕਾਸ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕੀਤਾ ਹੈ।
ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਸਬੰਧਤ ਪਿੰਡਾਂ ਵਿਚ ਕੈਂਪ ਲਗਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਹਾਜ਼ਰ ਅਧਿਕਾਰੀਆਂ ਅਤੇ ਪਾਰਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁਕੇਰੀਆਂ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਸਹੋਤਾ, ਬੀ.ਡੀ.ਪੀ.ਓ ਸੁਖਪ੍ਰੀਤ ਸਿੰਘ, ਬਲਾਕ ਪ੍ਰਧਾਨ ਸੰਗਰਾਮ ਸਿੰਘ, ਅਮਿਤ ਕੁਮਾਰ, ਕੇਸਰ ਸਿੰਘ, ਮਲਕੀਤ ਸਿੰਘ, ਰਾਮ ਕੁਮਾਰ ਨੰਬਰਦਾਰ, ਦਰਸ਼ਨ ਸਿੰਘ, ਅਜੇ ਪਾਲ ਸਿੰਘ, ਭਗਵਾਨ ਸਿੰਘ, ਗੁਰਨਾਮ ਸਿੰਘ ਅਤੇ ਜਤਿੰਦਰ ਸ਼ਰਮਾ ਆਦਿ ਹਾਜ਼ਰ ਸਨ।
—-