ਜ਼ਿਲ੍ਹਾ ਰੋਜ਼ਗਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਨੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ
ਹੁਸ਼ਿਆਰਪੁਰ, 14 ਅਗਸਤ : ਜ਼ਿਲ੍ਹਾ ਰੋਜ਼ਗਾਰ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਐਸ.ਵੀ.ਐਮ ਸੀਨੀਅਰ ਸਕੈਂਡਰੀ ਸਕੂਲ ਤਲਵਾੜਾ ਅਤੇ ਬੀ.ਬੀ.ਐਮ.ਬੀ. ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ ਤਲਵਾੜਾ ਵਿਖੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ, ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ’ਤੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ‘ਡੀਬੀਈਈ ਆਨਲਾਈਨ’ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਉਨ੍ਹਾਂ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ ਅਤੇ ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਦੇ ਸੀਨੀਅਰ ਅਫਸਰ, ਡਿਪਾਰਟਮੈਂਟ ਆਫ ਕਰੀਅਰ ਗਾਈਡੈਂਸ ਵਰੁਣ ਨਈਅਰ ਨੇ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਸਾਫਟ ਸਕਿੱਲਜ਼ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਕਰੀਅਰ ਸਬੰਧੀ ਹੁਣ ਤੋਂ ਹੀ ਆਪਣੀ ਪਲੈਨਿੰਗ ਬਣਾਉਣ ਲਈ ਵੀ ਕਿਹਾ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ, ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ ਗਿਆ।
ਇਸ ਵਿਸ਼ੇਸ਼ ਵਰਕਸ਼ਾਪ ਪ੍ਰੋਗਰਾਮ ਦੌਰਾਨ ਸਬੰਧਤ ਦੋਵੇਂ ਸਕੂਲਾਂ ਦਾ ਸਮੂਹ ਸਟਾਫ ਅਤੇ ਤਕਰੀਬਨ 210 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਐਸ.ਵੀ.ਐਮ ਸੀਨੀਅਰ ਸਕੈਂਡਰੀ ਸਕੂਲ ਤਲਵਾੜਾ ਅਤੇ ਪ੍ਰਿੰਸੀਪਲ ਬੀ.ਬੀ.ਐਮ.ਬੀ. ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ ਤਲਵਾੜਾ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੀ ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ ਗਿਆ।