ਪੰਜਾਬ ਸਰਕਾਰ ਲਘੂ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 21 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਲਘੂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਅੱਜ ਫਗਵਾੜਾ ਰੋਡ ’ਤੇ ਸਥਿਤ ਫੋਕਲ ਪੁਆਇੰਟ ਵਿਖੇ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਲਗਾਈਆਂ ਸਟਰੀਟ ਲਾਈਟਾਂ ਦੇ ਉਦਘਾਟਨ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਸਮਾਗਮ ਦਾ ਆਯੋਜਨ ਫੋਕਲ ਪੁਆਇੰਟ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ। ਇਸ ਮੌਕੇ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਘੂ ਉਦਯੋਗਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਖੇਤਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਉੱਦਮੀਆਂ ਨੂੰ ਸੁਰੱਖਿਅਤ ਅਤੇ ਸੁਚੱਜਾ ਮਾਹੌਲ ਮਿਲ ਸਕੇ।
ਫੋਕਲ ਪੁਆਇੰਟ ‘ਤੇ ਸਟਰੀਟ ਲਾਈਟਾਂ ਲਗਾਉਣ ਨੂੰ ਇਕ ਮਹੱਤਵਪੂਰਨ ਕਦਮ ਦੱਸਦਿਆਂ ਜਿੰਪਾ ਨੇ ਕਿਹਾ ਕਿ ਇਸ ਨਾਲ ਨਾ ਸਿਰਫ ਖੇਤਰ ਦੀ ਸੁਰੱਖਿਆ ਵਧੇਗੀ ਸਗੋਂ ਉਦਯੋਗਾਂ ਨੂੰ ਵੀ ਵਧੀਆ ਢੰਗ ਨਾਲ ਕੰਮ ਕਰਨ ਦੀ ਸਹੂਲਤ ਮਿਲੇਗੀ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਅੰਤ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਉਦਯੋਗਾਂ ਦੇ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਸਨਅਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਉਦਯੋਗਿਕ ਵਿਕਾਸ ਵਿਚ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਸੁਝਾਵਾਂ ਰਾਹੀਂ ਇਸ ਦਿਸ਼ਾ ਵਿਚ ਹੋਰ ਸੁਧਾਰ ਲਿਆਉਣ ਵਿੱਚ ਯੋਗਦਾਨ ਪਾਉਣ।
ਇਸ ਮੌਕੇ ਫੋਕਲ ਪੁਆਇੰਟ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਸੋਢੀ, ਜਨਰਲ ਸਕੱਤਰ ਹਰਭਗਤ ਸਿੰਘ ਤੁਲੀ, ਅੰਕੁਰ ਮਲਹੋਤਰਾ, ਕੌਂਸਲਰ ਦ੍ਰਿਪਨ ਸੈਣੀ, ਰੂਬੀ ਤੁਲੀ, ਕਾਮਰੇਡ ਗੰਗਾ ਪ੍ਰਸਾਦ, ਗੁਰਭਗਤ ਸਿੰਘ ਤੁਲੀ, ਹਰਬੀਰ ਸਿੰਘ ਸੋਢੀ, ਨਵੀਨ ਕੁਮਾਰ, ਰਾਜੇਸ਼ ਅਗਰਵਾਲ, ਅਜੇ ਸੂਦ, ਡਾ. ਹਰਸ਼ ਚਾਵਲਾ, ਵਿਵੇਕ ਗੁਪਤਾ, ਲੱਕੀ ਜੈਨ, ਸੁਰਜੀਤ ਸਿੰਘ ਮਠਾਰੂ, ਜੀ.ਐਸ ਬਾਵਾ, ਪਾਲ ਭੋਗਪੁਰੀਆ, ਹਰਿੰਦਰ ਸਿੰਘ, ਜਸਪਾਲ ਸਿੰਘ, ਕੁਲਵੰਤ ਸਿੰਘ, ਮਹਾਵੀਰ ਢਿੱਲੋਂ, ਸਤਿੰਦਰ ਕੁਮਾਰ ਆਦਿ ਹਾਜ਼ਰ ਸਨ।