ਆਪਣੀਆਂ ਅੱਖਾਂ ਦਾਨ ਕਰਕੇ ਕਿਸੇ ਦੀ ਹਨੇਰੀ ਜਿੰਦਗੀ ਨੂੰ ਰੁਸ਼ਨਾਇਆ ਜਾ ਸਕਦਾ : ਡਾ ਮੀਨੂ ਸਿੱਧੂ
ਹੁਸ਼ਿਆਰਪੁਰ 05 ਸਤੰਬਰ 2024: ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ ਪਵਨ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਨੋਡਲ ਅਫ਼ਸਰ ਡਾ ਕਮਲੇਸ਼ ਕੁਮਾਰੀ ਦੀ ਯੋਗ ਅਗਵਾਈ ਹੇਠ 25 ਅਗਸਤ ਤੋਂ 08 ਸਤੰਬਰ ਤੱਕ ਮਨਾਏ ਜਾ ਰਹੇ ਨੇਤਰ ਦਾਨ ਪਖਵਾੜੇ ਦੇ ਤਹਿਤ ਅੱਜ ਐਸਡੀ ਪੰਡਿਤ ਅੰਮ੍ਰਿਤਾਨੰਦ ਮੈਮੋਰੀਅਲ ਕਾਲਜੀਏਟ ਸਕੂਲ ਹੁਸ਼ਿਆਰਪੁਰ ਵਿਖੇ ਕਾਲਜ ਮੈਨਜਮੈਂਟ ਦੇ ਪ੍ਰੈਸੀਡੈਂਟ ਸ਼੍ਰੀਮਤੀ ਹੇਮਾ ਸ਼ਰਮਾ, ਸੈਕਟਰੀ ਸ੍ਰੀ ਗੋਪਾਲ ਸ਼ਰਮਾ ਜੀ ਦੇ ਸਹਿਯੋਗ ਨਾਲ ਸਿਹਤ ਵਿਭਾਗ ਹੁਸ਼ਿਆਰਪੁਰ ਦੇ ਮੀਡੀਆ ਵਿੰਗ ਵਲੋਂ ਇੱਕ ਜਾਗਰੂਕਤਾ ਵਰਕਸ਼ਾਪ ਆਯੋਜਿਤ ਕੀਤੀ ਗਈ।
ਜਿਸ ਵਿੱਚ ਆਈ ਸਰਜਨ ਡਾ ਮੀਨੂ ਸਿੱਧੂ, ਪ੍ਰਿੰ:ਡਾ ਸਵਿਤਾ ਗੁਪਤਾ, ਪ੍ਰਿੰ:ਡਾ ਰਾਧਿਕਾ ਰਤਨ, ਡਿਪਟੀ ਮਾਸ ਮੀਡੀਆ ਅਫ਼ਸਰ ਡਾ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਡਾ ਕੰਵਰ ਦੀਪ ਸਿੰਘ, ਜ਼ਿਲਾ ਬੀਸੀਸੀ ਕੁਆਰਡੀਨੇਟਰ ਅਮਨਦੀਪ ਸਿੰਘ, ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
ਵਰਕਸ਼ਾਪ ਦੀ ਸ਼ੁਰੂਆਤ ਕਰਦਿਆਂ ਡਾ ਸਵਿਤਾ ਗੁਪਤਾ ਨੇ ਸਿਹਤ ਵਿਭਾਗ ਦੀ ਸਮੁੱਚੀ ਟੀਮ ਨੂੰ ਜੀ ਆਇਆਂ ਕਹਿੰਦਿਆ ਇਸ ਨੋਬਲ ਕਾਰਜ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀ ਟੀਮ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ.ਮੀਨੂ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾਣਗੇ। ਇਹ ਫ਼ਾਰਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹਨ ਅਤੇ ਕੋਈ ਵੀ ਚਾਹਵਾਨ ਵਿਅਕਤੀ ਉੱਥੇ ਜਾ ਕੇ ਫ਼ਾਰਮ ਭਰ ਸਕਦਾ ਹੈ। ਉਹਨਾਂ ਕਿਹਾ ਕਿ ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ।
ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ’ਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ’ਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰਕ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ’ਚ ਪੁਤਲੀ ਬਦਲਣ ਦੇ ਆਪਰੇਸ਼ਨ ਮੁਫ਼ਤ ਕੀਤੇ ਜਾਂਦੇ ਹਨ ।
ਡਿਪਟੀ ਮਾਸ ਮੀਡੀਆ ਅਫ਼ਸਰ ਡਾ ਤ੍ਰਿਪਤਾ ਦੇਵੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ 4 ਤੋਂ 6 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁਖਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦਾ ਹੈ।
ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤਕ ਅੱਖਾਂ ਦੀ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ’ਤੇ ਗਿੱਲਾ ਤੇ ਸਾਫ਼ ਕੱਪੜਾ ਰਖਿਆ ਜਾਵੇ। ਅੱਖਾਂ ਕੱਢਣ ’ਚ ਸਿਰਫ਼ 10-15 ਮਿੰਟ ਲਗਦੇ ਹਨ ਅਤੇ ਇਸ ਪ੍ਰਕਿਆ ’ਚ ਚਿਹਰੇ ’ਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲੱਗਦਾ।
ਇਸ ਮੌਕੇ ਵਿਸ਼ੇ ਨਾਲ ਸੰਬੰਧਿਤ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ। ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕਿ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪ੍ਰਿੰ: ਡਾ ਰਾਧਿਕਾ ਰਤਨ ਨੇ ਸਿਹਤ ਵਿਭਾਗ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਜਾਗਰੂਕਤਾ ਸੈਮੀਨਾਰ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵਲੋਂ ਰਿਫ੍ਰੈਸ਼ਮੈਂਟ ਵੀ ਦਿੱਤੀ ਗਈ ।