“ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ “ਮੈਗਾ ਮੁਹਿੰਮ” ਦੇ ਤੌਰ ਤੇ ਮਨਾਉਂਦੇ ਹੋਏ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ
ਹੁਸ਼ਿਆਰਪੁਰ: 18 ਅਕਤੂਬਰ 2024: ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਹੁਸ਼ਿਆਰਪੁਰ ਵਿੱਚ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ ਮੈਗਾ ਮੁਹਿੰਮ ਦੇ ਤੌਰ ਤੇ ਮਨਾਇਆ ਗਿਆ। ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੁਹਿੰਮ ਵਿੱਚ ਐਂਟੀ ਲਾਰਵਾ ਟੀਮਾਂ, ਬਰੀਡਿੰਗ ਚੈੱਕਰ ਤੋਂ ਇਲਾਵਾ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਗਿਆ ਅਤੇ ਜਿਨਾਂ ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ ਉਹਨਾਂ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ।
ਜ਼ਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਰਵੇ ਕਰਨ ਤੋਂ ਪਹਿਲੇ ਨਰਸਿੰਗ ਵਿਦਿਆਰਥੀਆਂ ਨੂੰ ਏਡੀਜ ਮੱਛਰ ਦੇ ਲਾਰਵੇ ਦੀ ਡੈਮੋਸਟਰੇਸ਼ਨ ਦਿੱਤੀ ਗਈ ਅਤੇ ਉਹਨਾਂ ਨੂੰ ਵੱਖ ਵੱਖ ਸਰਵੇ ਟੀਮਾਂ ਦੇ ਨਾਲ ਜਾ ਕੇ ਡੇਂਗੂ ਦੀ ਰੋਕਥਾਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸ਼ਹਿਰ ਹੁਸ਼ਿਆਰਪੁਰ ਵਿੱਚ 10 ਐਂਟੀ ਲਾਰਵਾ ਟੀਮਾਂ ਵੱਲੋਂ ਕਾਰਪੋਰੇਸ਼ਨ ਦੇ ਐਸਆਈ ਅਤੇ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਮੁਹਿੰਮ ਵਿੱਢੀ ਗਈ। ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ।
ਉਨ੍ਹਾਂ ਨੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਵੱਖ-ਵੱਖ ਕੰਟੇਨਰਾਂ ‘ਚੋਂ ਪਾਣੀ ਕੱਢ ਕੇ ਮੱਛਰਾਂ ਦੇ ਲਾਰਵੇ ਨੂੰ ਮੌਕੇ ‘ਤੇ ਹੀ ਨਸ਼ਟ ਕੀਤਾ। ਲਾਰਵੀਸਾਈਡ ਸਪਰੇਅ ਅਤੇ ਮੱਛਰਾਂ ਦੇ ਲਾਰਵੇ ਨੂੰ ਰੋਕਣ ਲਈ ਸਿਹਤ ਸਿੱਖਿਆ ਅਤੇ ਹੋਰ ਉਪਾਅ ਕੀਤੇ ਗਏ। ਸਕੂਲਾਂ ਦਾ ਦੌਰਾ ਵੀ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੱਛਰਾਂ ਦੇ ਲਾਰਵਾ ਵੀ ਦਿਖਾਇਆ ਗਿਆ। ਜ਼ਿਲੇ ਦੇ ਹੋਰ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਵੀ ਖੇਤਰ-ਵਾਰ ਟੀਮਾਂ ਦੁਆਰਾ ਅਜਿਹੀਆਂ ਗਤੀਵਿਧੀਆਂ ਕੀਤੀਆਂ ਗਈਆਂ।
ਉਹਨਾਂ ਕਿਹਾ ਕਿ ਸਰਵੇ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿਉਂਕਿ ਜਦ ਤੱਕ ਲੋਕ ਖੁਦ ਇਸ ਪ੍ਰਤੀ ਜਾਗਰੂਕ ਨਹੀਂ ਹੁੰਦੇ ਅਤੇ ਖੜ੍ਹੇ ਪਾਣੀ ਦੇ ਸੋਮਿਆਂ ਦੀ ਸਾਫ ਸਫਾਈ ਵੱਲ ਧਿਆਨ ਨਹੀਂ ਦਿੰਦੇ, ਤਦ ਤੱਕ ਡੇਂਗੂ ਦੀ ਰੋਕਥਾਮ ਨਹੀਂ ਕੀਤੀ ਜਾ ਸਕਦੀ।