ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਨਡਾਲੋਂ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਕੈਂਪ
ਹੁਸ਼ਿਆਰਪੁਰ, 6 ਨਵੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਾਏ ਜਾਂਦੇ ਕੈਂਪਾਂ ਦੀ ਲੜੀ ਵਿਚ ਮਾਹਿਲਪੁਰ ਬਲਾਕ ਦੇ ਪਿੰਡ ਨਡਾਲੋਂ ਵਿਖੇ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਾਇਆ ਗਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਕੈਂਪ ਵਿਚ ਪਹੁੰਚੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਬਾਬਤ ਚਾਨਣਾ ਵੀ ਪਾਇਆ ਅਤੇ ਪਰਾਲੀ ਨੂੰ ਸੰਭਾਲਣ ਦੇ ਫਾਇਦੇ ਵੀ ਦੱਸੇ।ਉਨ੍ਹਾਂ ਇਸ ਗੱਲ ’ਤੇ ਜੋਰ ਦਿੱਤਾ ਕਿ ਕਿਸਾਨ ਆਪਣੇ ਇਲਾਕੇ ਅਤੇ ਜਮੀਨ ਅਨੁਸਾਰ ਵੱਖ-ਵੱਖ ਤਕਨੀਕਾਂ ਅਪਣਾਕੇ ਪਰਾਲੀ ਨੂੰ ਸੰਭਾਲਣ ਅਤੇ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ ਪਾਉਣ।
ਉਨ੍ਹਾਂ ਦੱਸਿਆ ਕਿ ਬਲਾਕ ਵਿੱਚ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਰੀ ਬੈਂਕ ਬਣਾਏ ਗਏ ਹਨ ਅਤੇ ਇਨ੍ਹਾਂ ਦੀ ਸਰਵੋਤਮ ਕਾਰਜਕੁਸ਼ਲਤਾ ਲਈ ਇਹ ਜਰੂਰੀ ਹੈ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਸਾਂਝੇ ਤੌਰ ’ਤੇ ਅਤੇ ਵੱਧ ਤੋਂ ਵੱਧ ਕੀਤੀ ਜਾਵੇ।ਇਨ੍ਹਾਂ ਮਸ਼ੀਨਾਂ ਦੀ ਉਪਲਬਧਤਾ ਬਾਰੇ ਸਬੰਧਿਤ ਬਲਾਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਫਤਰ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਡਾ. ਬੌਂਸ ਵੱਲੋਂ ਕਣਕ ਦੀ ਕਾਸ਼ਤ ਬਾਬਤ ਜਰੂਰੀ ਨੁਕਤੇ ਵੀ ਸਾਂਝੇ ਕੀਤੇ ਗਏ।ਕੈਂਪ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਵੱਖ-ਵੱਖ ਤਕਨੀਕੀ ਲੈਕਚਰ ਦਿੱਤੇ ਗਏ।
ਸਹਾਇਕ ਪ੍ਰੋਫੈਸਰ ਡਾ. ਅਜੈਬ ਸਿੰਘ, ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ–ਸੁਪਰ ਐਸ.ਐਮ.ਐਸ., ਸਰਫੇਸ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਮਲਚਰ, ਜੀਰੋ ਡਰਿੱਲ, ਆਦਿ ਦੀ ਉਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂੰ ਕਰਵਾਇਆ। ਡਾ. ਅਜੈਬ ਸਿੰਘ ਨੇ ਨਵੀਂ ਤਕਨੀਕ, ਸਰਫੇਸ ਸੀਡਰ ਮਸ਼ੀਨ ਬਾਰੇ ਦੱਸਿਆ ਕਿ ਇਸ ਮਸ਼ੀਨ ਵਿੱਚ ਕਟਰ-ਕਮ-ਸਪਰੈਡਰ (ਸੁਧਾਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਪਾਈਪਾਂ ਸਮੇਤ (ਬਿਨਾਂ ਫਾਲਿਆਂ ਤੋਂ) ਲਗਾਇਆ ਗਿਆ ਹੈ।ਇਹ ਮਸ਼ੀਨ ਕੰਬਾਈਨ ਨਾਲ ਕੱਟੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚਲ ਸਕਦੀ ਹੈ ਅਤੇ ਇਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।ਇਹ ਮਸ਼ੀਨ 700 ਤੋਂ 800 ਰੁਪਏ ਵਿੱਚ ਇੱਕ ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।
ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ, ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹੱਤਤਾ, ਝੋਨੇ ਦੀ ਪਰਾਲੀ ਦੀ ਬਾਇੳੇਗੈਸ ਪਲਾਂਟ, ਊੂਰਜਾ, ਖਾਦ, ਖੁੰਬ ਉਤਪਾਦਨ, ਗੱਤਾ ਉਦਯੋਗ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਨੇ ਪਸ਼ੂਆਂ ਦੀ ਮੌਸਮੀ ਸਾਂਭ-ਸੰਭਾਲ ਬਾਰੇ ਵੀ ਜਰੂਰੀ ਨੁਕਤੇ ਦੱਸੇ।
ਸਹਾਇਕ ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਨੇ ਖੁੰਬਾਂ, ਫਲਾਂ ਤੇ ਸਬਜੀਆਂ ਦੀ ਖੁਰਾਕੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਘਰੇਲੂ ਪੌਸ਼ਟਿਕ ਬਗੀਚੀ ਲਗਾਉਣ ਬਾਰੇ ਪ੍ਰੇਰਿਤ ਕੀਤਾ।
ਇਸ ਮੌਕੇ ਇਲਾਕੇ ਦੇ ਅਗਾਂਹਵਧੂ ਕਿਸਾਨ ਤੇ ਕਿਸਾਨ ਬੀਬੀਆਂ- ਅਮਰੀਕ ਸਿੰਘ, ਸਰਪੰਚ, ਪਿੰਡ ਨਡਾਲੋਂ; ਜਸਕਰਨ ਸਿੰਘ, ਸਰਪੰਚ, ਪਿੰਡ ਅਜਨੋਹਾ; ਇੰਦਰਜੀਤ ਕੌਰ, ਪੰਚ, ਪਿੰਡ ਨਡਾਲੋਂ; ਹਰਜੋਤ ਕੌਰ, ਸੁਰਿੰਦਰ ਸਿੰਘ, ਗੁਰਜੀਤ ਕੌਰ, ਸ.ਉਂਕਾਰ ਸਿੰਘ, ਅੱਛਰਜੀਤ ਸਿੰਘ ਤੇ ਹਰਕ੍ਰਿਸ਼ਨ ਸਿੰਘ ਸਾਬਕਾ ਸਰਪੰਚ ਨਡਾਲੋਂ, ਕਮਲਜੀਤ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ, ਸਾਧੂ ਸਿੰਘ, ਲੇਖਰਾਜ ਸਿੰਘ, ਆਦਿ, ਮੌਜੂਦ ਸਨ ਅਤੇ ਉਨ੍ਹਾਂ ਨੇ ਮਾਹਿਰਾਂ ਨਾਲ ਪਰਾਲੀ ਪ੍ਰਬੰਧਨ, ਸਹਾਇਕ ਧੰਦਿਆਂ ਅਤੇ ਫਸਲਾਂ ਦੀ ਕਾਸ਼ਤ ਸਬੰਧੀ ਆਪਣੇ ਖਦਸ਼ਿਆਂ ਬਾਬਤ ਵਿਚਾਰ–ਚਰਚਾ ਵੀ ਕੀਤੀ।