ਮਾਈਕਰੋ ਅਬਜ਼ਰਵਰ ਨਾਜ਼ੁਕ ਤੇ ਸੰਵੇਦਨਸ਼ੀਲ ਬੂਥਾਂ ਦੀ ਕਰਨਗੇ ਨਿਗਰਾਨੀ
ਹੁਸ਼ਿਆਰਪੁਰ, 13 ਨਵੰਬਰ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਹਲਕਾ 044 ਚੱਬੇਵਾਲ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ 2011 ਬੈਚ ਦੇ ਆਈ.ਏ.ਐਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਜੋ ਜ਼ਿਮਨੀ ਚੋਣ ਦੇ ਜਨਰਲ ਅਬਜ਼ਰਵਰ ਹਨ, ਅਤੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਮੌਜੂਦਗੀ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਵਿਧਾਨ ਸਭਾ ਹਲਕੇ ਵਿੱਚ 28 ਥਾਵਾਂ ’ਤੇ ਮਾਈਕਰੋ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਸਾਰੇ ਅਬਜ਼ਰਵਰ ਵਿਧਾਨ ਸਭਾ ਹਲਕੇ ਦੇ ਨਾਜ਼ੁਕ, ਸੰਵੇਦਨਸ਼ੀਲ ਅਤੇ ਸ਼ੈਡੋ ਏਰੀਆ ਵਾਲੇ ਬੂਥਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਦੱਸਿਆ ਕਿ ਸਮੂਹ ਮਾਈਕਰੋ ਅਬਜ਼ਰਵਰਾਂ ਨੂੰ 16 ਨਵੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ, ਚੋਣ ਤਹਿਸੀਲਦਾਰ ਸਰਬਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।