ਜ਼ਿਲ੍ਹੇ ’ਚ ਸਫ਼ਲਤਾਪੂਰਵਕ ਚੱਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ( ਹਰਪਾਲ ਲਾਡਾ ): ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਵਿਸ਼ੇਸ਼ ਟੀਕਾਕਰਨ ਹਫ਼ਤਾ ਸਫ਼ਲਤਾਪੂਰਵਕ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਇਹ ਵਿਸ਼ੇਸ਼ ਟੀਕਾਕਰਨ ਹਫ਼ਤਾ 24 ਮਾਰਚ ਨੂੰ ਸ਼ੁਰੂ ਹੋਇਆ ਸੀ ਅਤੇ 31 ਮਾਰਚ ਤਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਟੀਕਾਕਰਨ ਸੈਸ਼ਨ ਚੱਲ ਰਹੇ ਹਨ, ਜਿਥੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਟੀਕਾਕਰਨ ਹਫ਼ਤੇ ਦਾ ਮੁੱਖ ਉਦੇਸ਼ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਕਵਰੇਜ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਟੀਕਾਕਰਨ ਕੈਂਪਾਂ ਵਿਚ ਕਵਰ ਕੀਤਾ ਕੀਤਾ ਜਾ ਰਿਹਾ ਹੈ।


ਇਹ ਕੈਂਪ ਵਿਸ਼ੇਸ਼ ਤੌਰ ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ, ਝੁੱਗੀਆਂ, ਬਸਤੀਆਂ, ਇੱਟਾਂ ਦੇ ਭੱਠਿਆਂ, ਉਚ ਜੋਖਮ ਵਾਲੇ ਖੇਤਰਾਂ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ 5 ਸਾਲ ਦੀ ਉਮਰ ਤਕ ਦੇ ਬੱਚਿਆਂ ਨੂੰ ਕਵਰ ਕਰ ਰਹੇ ਹਨ। ਇਸ ਮੁਹਿੰਮ ਦੌਰਾਨ ਟੀ ਡੀ 10 ਸਾਲ ਤੇ ਟੀ ਡੀ 16 ਸਾਲ ਦੀ ਕਵਰੇਜ ਨੂੰ ਵੀ ਯਕੀਨੀ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਦੀ ‘ਜ਼ੀਰੋ ਡੋਜ਼’ ’ਤੇ ਖ਼ਾਸ ਧਿਆਨ ਦਿਤਾ ਜਾ ਰਿਹਾ ਹੈ।

ਸਿਹਤ ਅਧਿਕਾਰੀਆਂ ਨੇ ਕਿਹਾ ਕਿ ਟੀਕਾਕਰਨ ਦੀ ਬਦੌਲਤ ਪੋਲਿਓ ਸਮੇਤ ਹੋਰ ਕਈ ਬੀਮਾਰੀਆਂ ਤੋਂ ਮੁਕਤੀ ਮਿਲੀ ਹੈ, ਇਸ ਲਈ ਟੀਕਾਕਰਨ ਸਰੀਰਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈÍ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫਸਰ ਆਪਣੀ ਨਿਗਰਾਨੀ ਹੇਠ ਵਿਸ਼ੇਸ਼ ਸੈਸ਼ਨ ਲਗਵਾ ਰਹੇ ਹਨ ਤਾਂ ਕਿ ਕੋਈ ਵੀ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਲਾਭ ਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਕਾਰਨ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇl ਯੂਨੀਵਰਸਲ ਟੀਕਾਕਰਨ ਪ੍ਰੋਗਰਾਮ ਅਧੀਨ ਬੱਚਿਆਂ ਨੂੰ ਪੋਲੀਓ ਸਮੇਤ ਪੀਲੀਆ, ਤਪਦਿਕ, ਗਲ਼ਘੋਟੂ, ਕਾਲੀ ਖੰਘ, ਟੈਟਨਸ, ਨਿਮੋਨੀਆ ਤੇ ਦਸਤ, ਖਸਰਾ ਤੇ ਰੂਬੇਲਾ ਅਤੇ ਅੰਧਰਾਤਾ ਵਰਗੀਆਂ 11 ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਬਹੁਤ ਜ਼ਰੂਰੀ ਹੈ।