ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਤੇ ਵਰਤੋਂ ਖਿਲਾਫ਼ ਨਗਰ ਨਿਗਮ ਦੀ ਸਖ਼ਤੀ
ਹੁਸ਼ਿਆਰਪੁਰ, 23 ਦਸੰਬਰ ( ਹਰਪਾਲ ਲਾਡਾ ) : ਨਗਰ ਨਿਗਮ ਨੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ’ਤੇ ਰੋਕ ਸਬੰਧੀ ਸਖ਼ਤ ਕਦਮ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ’ਤੇ ਪੂਰਨ ਪਾਬੰਦੀ ਲਾਗੂ ਕੀਤੀ ਗਈ ਹੈ।
ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਦੀ ਸੈਨਟਰੀ ਸ਼ਾਖਾ ਅਤੇ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਸਾਂਝੇ ਤੌਰ ’ਤੇ ਨਿਰੀਖਣ ਮੁਹਿੰਮ ਚਲਾਈ। ਇਸ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਮੌਕੇ ’ਤੇ ਸਾਰਾ ਸਿੰਗਲ ਯੂਜ਼ ਪਲਾਸਟਿਕ ਦਾ ਸਮਾਨ ਜ਼ਬਤ ਕੀਤਾ ਗਿਆ ਅਤੇ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਨੁਸਾਰ ਜ਼ੁਰਮਾਨਾ ਕਰਦੇ ਹੋਏ ਤਿੰਨ ਚਲਾਨ ਜਾਰੀ ਕੀਤੇ ਗਏ।
ਕਮਿਸ਼ਨਰ ਨਗਰ ਨਿਗਮ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਪੂਰੀ ਤਰ੍ਹਾਂ ਨਾਲ ਬੰਦ ਕਰਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਵਾਤਾਵਰਣ ਅਨੁਕੂਲ ਬਣਾਉਣ ਵਿਚ ਆਪਣਾ ਯੋਗਦਾਨ ਦੇਣ।