ਕੈਬਨਿਟ ਮੰਤਰੀ ਡਾ. ਰਵਜੋਤ ਤੇ ਵਿਧਾਇਕ ਜਿੰਪਾ ਨੇ ਮਾਸੂਮ ਹਰਬੀਰ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ


ਹੁਸ਼ਿਆਰਪੁਰ, 15 ਸਤੰਬਰ ( ਹਰਪਾਲ ਲਾਡਾ ): ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਫਗਵਾੜਾ ਪਹੁੰਚੇ ਅਤੇ ਹੁਸ਼ਿਆਰਪੁਰ ਵਿਚ ਬੇਰਹਿਮੀ ਨਾਲ ਕਤਲ ਕੀਤੇ ਗਏ 5 ਸਾਲਾ ਮਾਸੂਮ ਹਰਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਦੁਖੀ ਪਰਿਵਾਰ ਨੂੰ ਦਿਲਾਸਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਅਣਮਨੁੱਖੀ ਘਟਨਾ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਲਈ ਕਲੰਕ ਹਨ ਅਤੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਸੁਰੱਖਿਆ ਅਤੇ ਨਿਆਂ ਦੀ ਗਰੰਟੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਵੀ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਹਰਬੀਰ ਸਿੰਘ ਦੇ ਪਰਿਵਾਰ ਲਈ ਸਗੋਂ ਪੂਰੇ ਇਲਾਕੇ ਲਈ ਇੱਕ ਵੱਡਾ ਸਦਮਾ ਹੈ। ਜ਼ਿੰਪਾ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਅਤੇ ਪੁਲਿਸ ਮਾਮਲੇ ਦੇ ਹਰ ਪਹਿਲੂ ਤੋਂ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਕੰਮ ਕਰਗੇਗੀ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਜ਼ਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿਚ ਪੂਰਾ ਸਹਿਯੋਗ ਦੇਵੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਤਹਿਤ ਸਖ਼ਤ ਸਜ਼ਾ ਮਿਲੇ।




