ਸੀ.ਐਮ ਦੀ ਯੋਗਸ਼ਾਲਾ ਸਕੀਮ ਤਹਿਤ ਜ਼ਿਲ੍ਹੇ ’ਚ ਚਲਾਈਆਂ ਜਾ ਰਹੀਆਂ ਹਨ 337 ਯੋਗ ਕਲਾਸਾਂ: ਡਿਪਟੀ ਕਮਿਸ਼ਨਰ


ਹੁਸ਼ਿਆਰਪੁਰ, 12 ਸਤੰਬਰ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਨ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਵੇਲੇ ਜ਼ਿਲ੍ਹੇ ਦੇ ਸਾਰੇ ਬਲਾਕਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਵੇਰੇ ਅਤੇ ਸ਼ਾਮ ਨੂੰ ਨਿਯਮਿਤ ਤੌਰ ‘ਤੇ ਕੁੱਲ 337 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਲੋਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ “ਹਰ ਘਰ ਤੱਕ ਯੋਗਾ, ਹਰ ਮਨ ਵਿਚ ਸਿਹਤ” ਹੈ। ਉਨ੍ਹਾਂ ਕਿਹਾ ਕਿ ਯੋਗਾ ਨਾ ਸਿਰਫ ਸਰੀਰਕ ਬਲਕਿ ਮਾਨਸਿਕ ਸਿਹਤ ਨੂੰ ਵੀ ਮਜ਼ਬੂਤ ਬਣਾਉਂਦਾ ਹੈ ਅਤੇ ਜੀਵਨਸ਼ੈਲੀ ਦੀਆਂ ਬਿਮਾਰੀਆਂ ਨੂੰ ਰੋਕਣ ਵਿਚ ਮਦਦਗਾਰ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਨ੍ਹਾਂ ਯੋਗ ਕਲਾਸਾਂ ਵਿਚ ਹਿੱਸਾ ਲੈਣ ਅਤੇ ਸਿਹਤਮੰਦ ਜੀਵਨ ਵੱਲ ਵਧਣ।

ਜ਼ਿਲ੍ਹਾ ਕੋਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵੀ ਜਗ੍ਹਾ ‘ਤੇ ਯੋਗ ਕਲਾਸਾਂ ਲਈ ਢੁਕਵੀਂ ਜਗ੍ਹਾ ਉਪਲਬੱਧ ਹੈ ਅਤੇ ਘੱਟੋ-ਘੱਟ 25 ਲੋਕਾਂ ਦਾ ਸਮੂਹ ਤਿਆਰ ਹੈ, ਤਾਂ ਉਥੇ ਤੁਰੰਤ ਇਕ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰੱਕਟਰ ਉਪਲਬੱਧ ਕਰਵਾਇਆ ਜਾਵੇਗਾ। ਦਿਲਚਸਪੀ ਰੱਖਣ ਵਾਲੇ ਲੋਕ ਵਿਅਕਤੀਗਤ ਤੌਰ ‘ਤੇ ਜਾਂ ਸਮੂਹ ਰਾਹੀਂ ਰਜਿਸਟਰ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਦਾ ਲਾਭ ਲੈਣ ਲਈ, ਦਿਲਚਸਪੀ ਰੱਖਣ ਵਾਲੇ ਲੋਕ ਟੋਲ ਫ੍ਰੀ ਨੰਬਰ 7669400500 ‘ਤੇ ਸੰਪਰਕ ਕਰ ਸਕਦੇ ਹਨ ਜਾਂ ਆਨਲਾਈਨ ਰਜਿਸਟ੍ਰੇਸ਼ਨ ਲਈ cmdiyogshala.punjab.gov.in ‘ਤੇ ਲਾਗਇਨ ਕਰ ਸਕਦੇ ਹਨ।




