ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ, ਉਨ੍ਹਾਂ ਦਾ ਸਨਮਾਨ ਤੇ ਬਿਹਤਰ ਜੀਵਨ ਕਮਿਸ਼ਨ ਦੀ ਪਹਿਲ: ਚੰਦਨ ਗਰੇਵਾਲ

ਹੁਸ਼ਿਆਰਪੁਰ, 24 ਜਨਵਰੀ ( ਹਰਪਾਲ ਲਾਡਾ ): ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਸਫਾਈ ਕਰਮਚਾਰੀ ਸਾਡੇ ਸਮਾਜ ਦੀ ਰੀੜ ਦੀ ਹੱਡੀ ਹਨ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਲਈ ਬਿਹਤਰ ਜੀਵਨ ਯਕੀਨੀ ਬਣਾਉਣਾ ਸਾਡੀ ਪਹਿਲ ਹੈ। ਉਹ ਅੱਜ ਨਗਰ ਨਿਗਮ ਹੁਸ਼ਿਆਰਪੁਰ ਪਹੁੰਚ ਕੇ ਨਿਗਮ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀ ਯੂਨੀਅਨ ਨਾਲ ਇਕ ਮਹੱਤਵਪੂਰਨ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਯੂਨੀਅਨਾਂ ਦੇ ਨੁਮਾਇੰਦੇ ਮੌਜੂਦ ਸਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਦਨ ਗਰੇਵਾਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣਾ ਸੀ। ਉਨ੍ਹਾਂ ਦੱਸਿਆ ਕਿ ਸੀਵਰਮੈਨਾਂ ਦੀ ਹੜਤਾਲ ’ਤੇ ਨੋਟਿਸ ਲੈਂਦਿਆਂ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਹੁਸ਼ਿਆਰਪੁਰ ਪਹੁੰਚੇ ਹਨ।


ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅੱਜ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਹੈ ਜੋ ਸਮੱਸਿਆਵਾਂ ਨਿਗਮ ਪੱਧਰ ’ਤੇ ਹਨ ਉਨ੍ਹਾਂ ਦਾ ਮੌਕੇ ’ਤੇ ਹਲ ਕੱਢਿਆ ਜਾਵੇਗਾ ਜਦਕਿ ਹੋਰ ਸਮੱਸਿਆਵਾਂ ਨੂੰ ਉਹ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੇ ਧਿਆਨ ਵਿਚ ਲਿਆਉਣਗੇ ਅਤੇ ਉਨ੍ਹਾਂ ਸਮੱਸਿਆਵਾਂ ਨੂੰ ਵੀ ਜਲਦੀ ਹੱਲ ਕਰਵਾਉਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਲਈ ਇਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ ਦਾ ਸਨਮਾਨ ਅਤੇ ਭਲਾਈ ਯਕੀਨੀ ਬਣਾਉਣਾ ਪ੍ਰਸ਼ਾਸਨ ਦਾ ਫ਼ਰਜ਼ ਹੈ। ਮੀਟਿੰਗ ਦੌਰਾਨ ਸਫਾਈ ਕਰਮਚਾਰੀਆਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ।

ਸ੍ਰੀ ਗਰੇਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫਾਈ ਕਰਮਚਾਰੀਆਂ ਦੀ ਸਥਾਨਕ ਪੱਧਰ ਦੀਆਂ ਸਮੱਸਿਆ ਨੂੰ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਹਰ ਕਰਮਚਾਰੀ ਨੂੰ ਸਮੇਂ ’ਤੇ ਤਨਖਾਹ ਮਿਲੇ ਅਤੇ ਉਨ੍ਹਾਂ ਨੂੰ ਕੰਮ ਨਾਲ ਸਬੰਧਤ ਸਹੂਲਤਾਂ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾਣ। ਨਾਲ ਹੀ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਲਈ ਲੋੜੀਂਦੇ ਉਪਕਰਨਾਂ ਅਤੇ ਸਿਖਲਾਈ ਦਾ ਪ੍ਰਬੰਧ ਕਰਨ ’ਤੇ ਵੀ ਜ਼ੋਰ ਦਿੱਤਾ।
ਮੀਟਿੰਗ ਦੌਰਾਲ ਚੰਦਨ ਗਰੇਵਾਲ ਨੇ ਰਾਜ ਸਰਕਾਰ ਵਲੋਂ ਸਫਾਈ ਕਰਮਚਾਰੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।