ਪੰਜਾਬ

ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਬਾਹਰ “ਨੋ ਸਮੋਕਿੰਗ ਏਰੀਆ” ਦੇ ਬੋਰਡ ਲਾਜ਼ਮੀ ਲਗਾਏ ਜਾਣ : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ

ਨਵਾਂਸ਼ਹਿਰ, 13 ਮਾਰਚ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਨੋਡਲ ਅਫਸਰ ਡਾ. ਹਰੀਸ਼ ਕਿਰਪਾਲ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫਸਰ ਅਤੇ ਵੱਖ-ਵੱਖ ਸਹਿਯੋਗੀ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਕੰਮ ਵਿਚ ਸਾਰੇ ਭਾਈਵਾਲ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਹਦਾਇਤ ਕੀਤੀ ਕਿ ਸਿਹਤ ਵਿਭਾਗ ਸਮੇਤ ਸਾਰੇ ਭਾਈਵਾਲ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਜਨਤਕ ਥਾਵਾਂ ‘ਤੇ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਕੋਟਪਾ ਐਕਟ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਿਆ ਜਾਵੇ।

ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਸਕੂਲਾਂ ਦੇ 100 ਮੀਟਰ ਦੇ ਘੇਰੇ ਨੂੰ ਤੰਬਾਕੂ ਮੁਕਤ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੌਰਾਨ ਇਹ ਗੱਲ ਵੀ ਕਹੀ ਕਿ ਸਕੂਲ ਮੁਖੀ ਨੂੰ ਇਸ ਵਿਸ਼ੇ ‘ਤੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਕੂਲ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਦੀ ਖਰੀਦਦਾਰੀ ਨਾ ਹੋਵੇ। ਉਨ੍ਹਾਂ ਸਕੂਲਾਂ ਦੇ ਬਾਹਰ ਨੋ ਸਮੋਕਿੰਗ ਏਰੀਆ ਦਾ ਬੋਰਡ ਵੀ ਲਾਜ਼ਮੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਵੇਰ ਦੀ ਅਸੈਂਬਲੀ ਦੌਰਾਨ ਤੰਬਾਕੂ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਸ਼ਹਿਰੀ ਖੇਤਰਾਂ ਵਿਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ ‘ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਵੀ ਇਸ ਵਿਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button

You cannot copy content of this page