ਸਿਵਲ ਸਰਜਨ ਵੱਲੋਂ ਨਵੇਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦਾ ਨਿੱਘਾ ਸਵਾਗਤ

ਨਵਾਂਸ਼ਹਿਰ, 25 ਫਰਵਰੀ ( ਹਰਪਾਲ ਲਾਡਾ ): ਸਿਵਲ ਸਰਜਨ ਡਾ. ਬਲਬੀਰ ਕੁਮਾਰ ਵੱਲੋਂ ਅੱਜ ਆਪਣੀ ਸਮੁੱਚੀ ਟੀਮ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੇ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਤੇ ਇਲਾਜ ਪ੍ਰਬੰਧਨ ਲਈ ਓਟ ਪ੍ਰੋਗਰਾਮ ਨੂੰ ਅਸਰਦਾਰ ਢੰਗ ਨਾਲ ਚਲਾਉਣ ਸਮੇਤ ਵੱਖ-ਵੱਖ ਰਾਸ਼ਟਰੀ ਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।


ਇਸ ਮੌਕੇ ਨਵੇਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦੇਵੇਗਾ।

ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੇ ਵੀ ਡਿਪਟੀ ਕਮਿਸ਼ਨਰ ਨੂੰ ਯਕੀਨ ਦਿਵਾਇਆ ਕਿ ਉਹ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਨੂੰ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣਾ ਯਕੀਨੀ ਬਣਾਉਣਗੇ ਅਤੇ ਸਾਰੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਬੰਧੀ ਦਿੱਤੇ ਟੀਚੇ ਮਿੱਥੇ ਸਮੇਂ ਅਨੁਸਾਰ ਪੂਰੇ ਕਰਨੇ ਯਕੀਨੀ ਬਣਾਉਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਪਹਿਲਾਂ ਹੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਪਰ ਮੌਜੂਦਾ ਸਮੇਂ ਵਿਚ ਉਨ੍ਹਾਂ ਦੀ ਇਹ ਪੂਰੀ ਕੋਸ਼ਿਸ਼ ਹੋਵੇਗੀ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਾਉਣ ਸਮੇਂ ਕਿਸੇ ਵੀ ਮਰੀਜ਼ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਲਈ ਦਵਾਈਆਂ ਸਮੇਤ ਲੋੜੀਂਦੀਆਂ ਸਾਰੀਆਂ ਸਹੂਲਤਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਮਿਲ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਮਨੋਵਿਗਿਆਨੀ ਡਾ. ਰਾਜਨ ਸ਼ਾਸਤਰੀ, ਡਾ. ਸੰਦੀਪ ਬਾਂਗੜ, ਜੂਨੀਅਰ ਸਹਾਇਕ ਹਰਜੋਧ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।