ਨਸ਼ਾ ਪੀੜਤਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾਵੇਗਾ : ਸਿਵਲ ਸਰਜਨ

ਨਵਾਂਸ਼ਹਿਰ, 5 ਮਾਰਚ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਜੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਸਿਹਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਪੜਾਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਤੀਨਿਧ ਪੰਜਾਬ ਗੁੱਡ ਗਵਰਨੈਂਸ ਫੈਲੋ ਅਸਮਿਤਾ ਪਰਮਾਰ ਨੇ ਬੁੱਧਵਾਰ ਨੂੰ ਆਪਣੀ ਸਮੁੱਚੀ ਟੀਮ ਸਮੇਤ ਸਰਕਾਰੀ ਡੀ-ਐਡਿਕਸ਼ਨ ਸੈਂਟਰ, ਨਵਾਂਸ਼ਹਿਰ ਦਾ ਦੌਰਾ ਕਰਕੇ ਨਸ਼ਾ ਪੀੜਤਾਂ ਦੇ ਇਲਾਜ ਪ੍ਰਬੰਧਨ ਸਮੇਤ ਸਮੁੱਚੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਜ਼ਿਲ੍ਹਾ ਮਨੋਵਿਗਿਆਨੀ ਡਾ. ਰਾਜਨ ਸਾਸ਼ਤਰੀ, ਡਾ. ਰਮਨ ਕੁਮਾਰ ਵੀ ਮੌਜੂਦ ਸਨ।


ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਸਰਕਾਰੀ ਡੀ-ਐਡਿਕਸ਼ਨ ਸੈਂਟਰ, ਨਵਾਂਸ਼ਹਿਰ ਵਿੱਚ ਗੁਣਵੱਤਾਪੂਰਨ ਇਲਾਜ ਦੇ ਨਾਲ-ਨਾਲ ਨਿਰਧਾਰਿਤ ਦਵਾਈਆਂ ਤੇ ਟੈਸਟਿੰਗ ਕਿੱਟਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਫ-ਸਫਾਈ ਦੇ ਪ੍ਰਬੰਧਾਂ ‘ਤੇ ਧਿਆਨ ਕੇਂਦਰਿਤ ਕਰਨ ਸਮੇਤ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਨਸ਼ੇ ਦੀ ਆਦਤ ਤੋਂ ਦੂਰ ਲਿਜਾਣ ਲਈ ਸੁਝਾਈ ਗਈ ਮਾਤਰਾ ‘ਚ ਹੀ ਦਵਾਈ ਦਿੱਤੀ ਜਾਵੇ, ਜਿਸ ਦੀ ਮਿਕਦਾਰ ਮਾਹਰ ਡਾਕਟਰਾਂ ਦੀ ਸਲਾਹ ਨਾਲ ਘਟਾਈ ਜਾਵੇ। ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਤੇ ਹਾਂ-ਪੱਖੀ ਕਾਊਂਸਲਿੰਗ ਕਰਨ ਦੀ ਲੋੜ ‘ਤੇ ਜ਼ੋਰ ਦੇਣ ਲਈ ਕਿਹਾ ਤਾਂ ਜੋ ਮਰੀਜ਼ ਵਿਚ ਨਸ਼ਾ ਛੱਡਣ ਲਈ ਆਤਮ-ਵਿਸ਼ਵਾਸ ਪੈਦਾ ਹੋ ਸਕੇ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਨਸ਼ਾ ਪੀੜਤਾਂ ਨੂੰ ਗੁਨਾਹਗਾਰ ਦੀ ਬਜਾਏ ਮਰੀਜ਼ ਵਜੋਂ ਵਿਚਾਰਿਆ ਜਾਵੇ ਅਤੇ ਉਨ੍ਹਾਂ ਦੇ ਸਹੀ ਇਲਾਜ ਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਨਸ਼ਾ ਪੀੜਤਾਂ ਨੂੰ ਨਸ਼ੇ ਦੀ ਲਤ ਲਗਾਉਣ ਲਈ ਮੁਫ਼ਤ ‘ਚ ਮਿਲਦੇ ਕਿਸੇ ਪ੍ਰਕਾਰ ਦੇ ਮਿੱਠੇ ਜਹਿਰ ਤੋਂ ਬਚਣ ਲਈ ਪ੍ਰੇਰਿਤ ਵੀ ਕੀਤਾ।
ਉਨ੍ਹਾਂ ਨੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਤਿਆਗਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਜਿਸ ਰਾਹ ‘ਤੇ ਉਹ ਚੱਲ ਰਹੇ ਹਨ, ਉਹ ਸਹੀ ਰਾਹ ਨਹੀਂ ਹੈ, ਇਸ ਲਈ ਉਹ ਆਪਣੇ ਤੇ ਆਪਣੇ ਪਰਿਵਾਰ ਦੀ ਖਾਤਰ ਇਹ ਗ਼ਲਤ ਰਾਹ ਛੱਡ ਕੇ ਜ਼ਿੰਦਗੀ ਦਾ ਰਸਤਾ ਅਪਣਾਉਣ। ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਨਸ਼ੇ ਪੀੜਤਾਂ ਨੂੰ ਸਰਕਾਰੀ ਡੀ-ਐਡਿਕਸ਼ਨ ਸੈਂਟਰ, ਓਟ ਸੈਂਟਰਾਂ ਤੇ ਨਸ਼ਾ ਮੁਕਤੀ ਕੇਂਦਰਾਂ ਜ਼ਰੀਏ ਬਿਹਤਰ ਇਲਾਜ ਅਤੇ ਨਸ਼ਿਆਂ ਵਿਰੁੱਧ ਦ੍ਰਿੜ ਇਰਾਦੇ ਨਾਲ ਕੰਮ ਕਰਕੇ ਉਨ੍ਹਾਂ (ਨਸ਼ਾ ਪੀੜਤਾਂ) ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਸਮੁੱਚੇ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਨਸ਼ਾ ਪੀੜਤਾਂ ਦੇ ਇਲਾਜ ਪ੍ਰਬੰਧਨ ਲਈ ਨਿਰਧਾਰਿਤ ਸਟੈਂਡਰਡ ਆਪਰੇਟਿੰਗ ਪ੍ਰੋਸੀਜਰ (ਐੱਸ. ਓ.ਪੀ.) ਦੀ ਸੁਹਿਰਦਤਾ ਨਾਲ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਹੈ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਪੜਾਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ।
ਉਨ੍ਹਾਂ ਆਮ ਲੋਕਾਂ ਤੇ ਲੋਕ ਪ੍ਰਤੀਨਿੱਧਾਂ ਸਮੇਤ ਪੰਚਾਇਤਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਨੂੰ ਨਸ਼ਾ ਮੁਕਤ ਤੇ ਸਿਹਤਮੰਦ ਪੰਜਾਬ ਸਿਰਜਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੇ ਲੋਕ ਪ੍ਰਤੀਨਿੱਧਾਂ ਸਮੇਤ ਪੰਚਾਇਤਾਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਹਸਪਤਾਲ ਤੇ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਇਆ ਜਾਵੇ, ਜਿਨ੍ਹਾਂ ਨੂੰ ਨਸ਼ਾ ਮੁਕਤ ਕਰਨ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।
ਇਸ ਮੌਕੇ ਪੰਜਾਬ ਗੁੱਡ ਗਵਰਨੈਂਸ ਫੈਲੋ ਅਸਮਿਤਾ ਪਰਮਾਰ ਨੇ ਇਲਾਜ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਲਈ ਨਸ਼ਾ ਰੋਗੀਆਂ ਤੇ ਉਨ੍ਹਾਂ ਦੇ ਪਰਿਵਾਰ ਜੀਆਂ ਤੋਂ ਨਿਰੰਤਰ ਫੀਡਬੈਕ ਲੈਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬਹੁਪੜਾਵੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪੀੜਤਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।