ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 10 ਮਾਰਚ (ਬਲਜਿੰਦਰ ਸਿੰਘ) : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।


ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ ਨੌਕਰ ਰੱਖਣ ਅਤੇ ਆਪਣੇ ਅਧੀਨ ਕੰਮ ਕਰਨ ਵਾਲਿਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਕਾਮਿਆਂ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ।
