ਬਕਾਇਆ ਕੇਸਾਂ ਦੇ ਨਿਪਟਾਰੇ ਅਤੇ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ : ਅੰਕੁਰਜੀਤ ਸਿੰਘ

ਨਵਾਂਸ਼ਹਿਰ, 13 ਮਾਰਚ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਆਪਸੀ ਤਾਲਮੇਲ ਨਾਲ ਇਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।


ਇਸ ਮੌਕੇ ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਅਤੇ ਸਵਾਮਿਤਵਾ ਸਕੀਮ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਹੋਰਨਾਂ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਵੀ ਜਾਇਜ਼ਾ ਲਿਆ ਅਤੇ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਬਲਾਚੌਰ ਰਵਿੰਦਰ ਕੁਮਾਰ ਬਾਂਸਲ, ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।