Hoshairpur

ਪੰਜਾਬ ਸਰਕਾਰ ਨੇ ਦਰਜ ਕੀਤਾ ਮਾਲੀਏ ‘ਚ ਇਤਿਹਾਸਕ ਵਾਧਾ: ਚੇਅਰਪਰਸਨ ਕਰਮਜੀਤ ਕੌਰ

ਹੁਸ਼ਿਆਰਪੁਰ, 22 ਮਾਰਚ ( ਹਰਪਾਲ ਲਾਡਾ ): ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਲੀਆ ਉਗਰਾਹੀ ਵਿੱਚ ਇਤਿਹਾਸਕ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਆਬਕਾਰੀ ਨੀਤੀ ਨਾਲ ਸੂਬੇ ਨੂੰ ਵੱਡਾ ਆਰਥਿਕ ਲਾਭ ਹੋਇਆ ਹੈ। ਬੀਤੇ ਤਿੰਨ ਸਾਲਾਂ ਵਿਚ ਪੰਜਾਬ ਦੇ ਮਾਲੀਏ ਵਿੱਚ 88 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਸੂਬੇ ਦੀ ਆਰਥਿਕ ਮਜ਼ਬੂਤੀ ਦਾ ਸੰਕੇਤ ਹੈ।


ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਰਕਾਰ ਨੇ ਸ਼ਰਾਬ ਮਾਫੀਆ ਨੂੰ ਖਤਮ ਕਰਕੇ ਪਾਰਦਰਸ਼ਤਾ ਨਾਲ ਨਵੀਂ ਨੀਤੀ ਲਾਗੂ ਕੀਤੀ ਹੈ, ਜਿਸ ਕਾਰਨ ਮਾਲੀਏ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। 2017 ਤੋਂ 2022 ਦੇ ਵਿਚ ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਐਕਸਾਈਜ ਤੋਂ ਹੋਣ ਵਾਲੀ ਆਮਦਨ 5100 ਕਰੋੜ ਤੋਂ 6200 ਕਰੋੜ ਰੁਪਏ ਦੇ ਵਿਚਕਾਰ ਸੀ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ 2022-23 ਵਿੱਚ ਇਹ ਅੰਕੜਾ 8428 ਕਰੋੜ ਰੁਪਏ ਨੂੰ ਪਾਰ ਕਰ ਗਿਆ ।

ਵਿੱਤੀ ਸਾਲ 2023-24 ਵਿੱਚ ਇਹ ਮਾਲੀਆ 9235 ਕਰੋੜ ਰੁਪਏ ਤੱਕ ਪਹੁੰਚਣ ਗਿਆ ਅਤੇ 2024-25 ਵਿੱਚ 9565 ਕਰੋੜ ਰੁਪਏ ਦੇ ਪੱਧਰ ਨੂੰ ਛੂਹ ਲਿਆ। ਅੰਦਾਜ਼ਾ ਹੈ ਕਿ ਇਹ ਮਾਲੀਆ 31 ਮਾਰਚ 2025 ਤੱਕ 10,200 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਹਾਲਾਂਕਿ, ਸਰਕਾਰ ਨੇ 10,145 ਕਰੋੜ ਰੁਪਏ ਦਾ ਟੀਚਾ ਰੱਖਿਆ ਸੀ, ਜੋ ਲਗਭਗ ਪੂਰਾ ਹੋ ਗਿਆ ਹੈ।


ਕਰਮਜੀਤ ਕੌਰ ਨੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਨਾਲ 11,800 ਕਰੋੜ ਰੁਪਏ ਦਾ ਮਾਲੀਆ ਹੋਇਆ ਹੈ, ਜੋ ਸਰਕਾਰ ਦੀਆਂ ਮਜ਼ਬੂਤ ਆਰਥਿਕ ਨੀਤੀਆਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿਚ ਸ਼ਰਾਬ ਮਾਫੀਆ ਦੇ ਦਬਦਬੇ ਕਾਰਨ ਮਾਲੀਏ ਦਾ ਭਾਰੀ ਨੁਕਸਾਨ ਹੁੰਦਾ ਸੀ, ਪਰ ਹੁਣ ਪਾਰਦਰਸ਼ਤਾ ਨਾਲ ਕੰਮ ਕਰਨ ਨਾਲ ਅਜਿਹਾ ਸੰਭਵ ਹੋ ਸਕਿਆ ਹੈ।


ਚੇਅਰਪਰਸਨ ਕਰਮਜੀਤ ਕੌਰ ਨੇ ਇਸ ਨੂੰ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸੂਬੇ ਦੀ ਆਰਥਿਕਤਾ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਸਰਕਾਰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਅਜਿਹੀਆਂ ਨੀਤੀਆਂ ਬਣਾ ਕੇ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰੇਗੀ।

Related Articles

Leave a Reply

Your email address will not be published. Required fields are marked *

Back to top button

You cannot copy content of this page